11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਸਾਹਿਬ ਡਾ . ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ - ਬਰਾੜ ਕਿਹਾ, ਇਹ ਸਿਰਫ਼ ਇਕ ਸ਼ਖ਼ਸੀਅਤ ਦਾ ਅਪਮਾਨ ਨਹੀਂ, ਸਗੋਂ ਸੰਵਿਧਾਨਕ ਮੁੱਲਾਂ ਦਾ ਨਿਰਾਦਰ

ਐੱਸ. ਏ.

ਅਜੀਤ ਡੈਸਕ 11-09-2026
ਐੱਸ. ਏ. ਐੱਸ. ਨਗਰ, 10 ਸਤੰਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇਕ ਪਿੰਡ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ, ਚਿੰਤਾਜਨਕ ਅਤੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਸ਼ਖ਼ਸੀਅਤ ਦਾ ਅਪਮਾਨ ਨਹੀਂ, ਸਗੋਂ ਸੰਵਿਧਾਨਕ ਮੁੱਲਾਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਕਿਸੇ ਇਕ ਵਰਗ ਜਾਂ ਭਾਈਚਾਰੇ ਦੇ ਆਗੂ ਨਹੀਂ ਸਨ, ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੇਸ਼ ਦੇ ਲੋਕਤੰਤਰਿਕ ਢਾਂਚੇ ਦੇ ਨਿਰਮਾਤਾ ਸਨ। ਉਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਰਾਹੀਂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਸਮੇਤ ਹਰ ਨਾਗਰਿਕ ਨੂੰ ਬਰਾਬਰੀ, ਨਿਆਂ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਹੱਕ ਦਿਵਾਉਣ ‘ਚ ਇਤਿਹਾਸਕ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ‘ਤੇ ਆਮ ਘਟਨਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ ਅਤੇ ਇਸ ਪਿੱਛੇ ਜਿਹੜੇ ਵੀ ਲੋਕ ਸ਼ਾਮਿਲ ਹਨ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀਆਂ ਤੱਕ ਹੀ ਸੀਮਿਤ ਨਾ ਰਹੇ, ਸਗੋਂ ਇਸ ਘਟਨਾ ਦੇ ਪਿੱਛੇ ਕਿਸੇ ਸਾਜ਼ਿਸ਼ ਜਾਂ ਹੋਰ ਮੰਤਵ ਦੀ ਵੀ ਪੂਰੀ ਪੜਤਾਲ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ‘ਤੇ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਸ਼ਾਂਤੀ, ਸੰਜਮ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ, ਭੜਕਾਊ ਬਿਆਨਬਾਜ਼ੀ ਜਾਂ ਕਾਨੂੰਨ ਨੂੰ ਆਪਣੇ ਹੱਥ ‘ਚ ਲੈਣਾ ਇਸ ਸਮੱਸਿਆ ਦਾ ਹੱਲ ਨਹੀਂ, ਸਗੋਂ ਇਹ ਸਮਾਜ ‘ਚ ਤਣਾਅ ਵਧਾਉਣ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਬੁੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਵਲੋਂ ਦਿਖਾਏ ਗਏ ਸੰਵਿਧਾਨਕ ਰਸਤੇ ‘ਤੇ ਚੱਲਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ‘ਚ ਕਿਸੇ ਵੀ ਮਹਾਨ ਸ਼ਖ਼ਸੀਅਤ ਦੇ ਸਨਮਾਨ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਾਨੂੰਨ ਦਾ ਡਰ ਮਹਿਸੂਸ ਕਰਵਾਇਆ ਜਾਵੇ।
ਪਿਛਲੀ ਖ਼ਬਰ ਮਹਿੰਗਾਈ ਭੱਤੇ ਦੇ ਬਕਾਏ ਲਈ ਮੁਲਾਜ਼ਮਾਂ ਨੂੰ ਕਿਉਂ ਤਰਸਾ ਰਹੀ ਹੈ ਮਾਨ ਸਰਕਾਰ - ਸਿੱਧੂ ਕਿਹਾ, ਕਿਸੇ ਵੀ ਮੁਲਾਜ਼ਮ ਨੂੰ ਡਰਾ... ਅਗਲੀ ਖ਼ਬਰ ਸੇਵਾ - ਮੁਕਤ ਪੁਲਿਸ ਅਧਿਕਾਰੀਆਂ ਵਲੋਂ ਐੱਸ . ਐੱਸ . ਪੀ . ਮੁਹਾਲੀ ਵਰੁਣ ਸ਼ਰਮਾ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।