ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ ਕਰਨ ਜਾਂਦੇ ਚੰਡੀਗੜ੍ਹ ਕਾਂਗਰਸ ਦੇ ਆਗੂ ਪੁਲਿਸ ਨੇ ਹਿਰਾਸਤ ’ ਚ ਲਏ
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਵੋਟ ਚੋਰੀ ਦੇ ਮਾਮਲੇ ਨੂੰ ਲੈ ਕੇ ਜਿੱਥੇ ਅੱਜ ਪੰਜਾਬ ਕਾਂਗਰਸ ਵਲੋਂ ਚੋਣ ਕਮਿਸ਼ਨ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ, ਉੱਥੇ ਚੰਡੀਗੜ੍ਹ ਕਾਂਗਰਸ ਨੇ ਵੀ ਭਾਜਪਾ ਦੀ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖਿਲਾਫ ਹੱਲ੍ਹਾ ਬੋਲਿਆ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.
ਚ
ਚੰਡੀਗੜ੍ਹ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈਂਦੀ ਚੰਡੀਗੜ੍ਹ ਪੁਲਿਸ। ਤਸਵੀਰ : ਕਮਲਜੀਤ ਸਿੰਘ
26-09-2026
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਵੋਟ ਚੋਰੀ ਦੇ ਮਾਮਲੇ ਨੂੰ ਲੈ ਕੇ ਜਿੱਥੇ ਅੱਜ ਪੰਜਾਬ ਕਾਂਗਰਸ ਵਲੋਂ ਚੋਣ ਕਮਿਸ਼ਨ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ, ਉੱਥੇ ਚੰਡੀਗੜ੍ਹ ਕਾਂਗਰਸ ਨੇ ਵੀ ਭਾਜਪਾ ਦੀ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖਿਲਾਫ ਹੱਲ੍ਹਾ ਬੋਲਿਆ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਚ.ਐੱਸ. ਲੱਕੀ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸੈਕਟਰ-18 ਸਥਿਤ ਪੰਚਾਇਤ ਭਵਨ ਤੋਂ ਚੋਣ ਕਮਿਸ਼ਨ ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ, ਵੋਟਰ ਸੂਚੀਆਂ ਦੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਲਿਆਉਣ ਅਤੇ ਚੋਣ ਕਮਿਸ਼ਨ ਦੀ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਕਾਂਗਰਸੀ ਵਰਕਰ ਹੱਥਾਂ ਵਿਚ ਪਾਰਟੀ ਦੇ ਝੰਡੇ ਅਤੇ ਤਖ਼ਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵੱਧ ਰਹੇ ਸਨ। ਚੋਣ ਕਮਿਸ਼ਨ ਦਫ਼ਤਰ ਤੋਂ ਪਹਿਲਾਂ ਹੀ ਪੁਲਿਸ ਨੇ ਭਾਰੀ ਬੈਰੀਕੇਡਿੰਗ ਕਰਕੇ ਕਾਂਗਰਸੀਆਂ ਦੇ ਮਾਰਚ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਵਰਕਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਪਰ ਭਾਰੀ ਪੁਲਿਸ ਬਲ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਕਾਂਗਰਸੀ ਵਰਕਰ ਉੱਥੇ ਹੀ ਧਰਨੇ ’ਤੇ ਬੈਠ ਗਏ ਅਤੇ ‘ਲੋਕਤੰਤਰ ਬਚਾਓ, ਵੋਟ ਦਾ ਅਧਿਕਾਰ ਬਚਾਓ’’, “ਚੋਣ ਕਮਿਸ਼ਨ ਦੀ ਨਿਰਪੱਖਤਾ ਯਕੀਨੀ ਬਣਾਓ ’ ਅਤੇ ‘ਗਿਆਨੇਸ਼ ਕੁਮਾਰ ਨੂੰ ਹਟਾਓ’ ਵਰਗੇ ਨਾਅਰੇ ਲਗਾਏ ਗਏ। ਪ੍ਰਦਰਸ਼ਨ ਤੋਂ ਬਾਅਦ ਪੁਲਿਸ ਐੱਚ.ਐੱਸ. ਲੱਕੀ ਸਮੇਤ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਕੇ ਸੈਕਟਰ-19 ਥਾਣੇ ਲੈ ਗਈ ਅਤੇ ਕਰੀਬ ਦੋ ਘੰਟਿਆਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐੱਚ.ਐੱਸ. ਲੱਕੀ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਭਰੋਸੇਯੋਗਤਾ ਭਾਰਤੀ ਲੋਕਤੰਤਰ ਦੀ ਬੁਨਿਆਦ ਹੈ। ਜਿਸ ਸੰਸਥਾ ਦੇ ਜ਼ਿੰਮੇ ਵੋਟਰ ਸੂਚੀ ਤਿਆਰ ਕਰਨ ਤੋਂ ਲੈ ਕੇ ਚੋਣਾਂ ਕਰਵਾਉਣ ਤੱਕ ਦੀ ਪੂਰੀ ਪ੍ਰਕਿਰਿਆ ਹੈ, ਉਸ ਦੀ ਕਾਰਗੁਜ਼ਾਰੀ ਵਿਚ ਪਾਰਦਰਸ਼ਤਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਲੱਕੀ ਨੇ ਹਾਲ ਹੀ ਵਿਚ ਪ੍ਰਕਾਸ਼ਿਤ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵਲੋਂ ਪਿਛਲੇ ਦਸ ਮਹੀਨਿਆਂ ਦੌਰਾਨ ਕਮਿਸ਼ਨ ਦੇ ਕੁਝ ਫ਼ੈਸਲਿਆਂ ਅਤੇ ਪ੍ਰਕਿਰਿਆਵਾਂ ’ਤੇ ਘੱਟੋ-ਘੱਟ 14 ਰਸਮੀ ਇਤਰਾਜ਼ ਦਰਜ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਲੱਕੀ ਨੇ ਮੰਗ ਕੀਤੀ ਕਿ ਐੱਸ.ਆਈ.ਆਰ. ਤਹਿਤ ਹਟਾਏ ਗਏ ਹਰੇਕ ਨਾਮ ਦਾ ਕਾਰਨ, ਜਾਰੀ ਕੀਤੇ ਗਏ ਨੋਟਿਸ, ਪ੍ਰਾਪਤ ਦਾਅਵੇ-ਇਤਰਾਜ਼, ਅਪੀਲਾਂ ਅਤੇ ਬਾਅਦ ਵਿੱਚ ਬਹਾਲ ਕੀਤੇ ਗਏ ਨਾਮਾਂ ਦਾ ਸੂਬੇ ਵਾਰ, ਹਲਕਾਵਾਰ ਅਤੇ ਬੂਥਵਾਰ ਡਾਟਾ ਜਨਤਕ ਕੀਤਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਵੱਖ-ਵੱਖ ਰਾਜਾਂ ਵਿਚ ਹੋਈਆਂ ਚੋਣਾਂ ਵਿਚ ਚੋਣ ਕਮਿਸ਼ਨ ਦੀ ਭੂਮਿਕਾ ਸਵਾਲਾਂ ਦੇ ਘੇਰੇ ਵਿਚ ਰਹੀ ਹੈ। ਉਨ੍ਹਾਂ ਨੇ ਖ਼ਾਸ ਤੌਰ ’ਤੇ ਪੱਛਮੀ ਬੰਗਾਲ ਅਤੇ ਬਿਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਐੱਸ.ਆਈ.ਆਰ. ਦੇ ਨਾਮ ’ਤੇ ਲੱਖਾਂ ਲੋਕਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਇਆ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਲੈ ਕੇ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।