ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਮਾਨਸਾ ਵਿਖੇ ਦਿਨ-ਦਿਹਾੜੇ ਹੋਏ ਕਤਲ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ‘ਰੰਗਲੇ ਪੰਜਾਬ’ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਕੇ ਰੱਖ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹੀ ਸੂਬੇ ‘ਚ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਜੇਕਰ ਕੋਈ ਨਸ਼ਿਆਂ ਖ਼ਿਲਾਫ਼ ਮੂੰਹ ਖੋਲ੍ਹਦਾ ਹੈ ਤਾਂ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੇ ਨਸ਼ਿਆਂ ਖ਼ਿਲਾਫ਼ ਸਰਗਰਮ ਮੁਹਿੰਮ ਵਿੱਢੀ ਹੋਈ ਸੀ ਅਤੇ ਜੋ ਕੰਮ ਪੁਲਿਸ-ਪ੍ਰਸ਼ਾਸਨ ਤੇ ਸਰਕਾਰ ਨੂੰ ਕਰਨਾ ਚਾਹੀਦਾ ਸੀ ਉਹ ਪਰਮਿੰਦਰ ਸਿੰਘ ਝੋਟਾ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਅੱਜ ਸਮਾਜ ‘ਚੋਂ ਨਸ਼ਿਆਂ ਦੇ ਖ਼ਾਤਮੇ ਵਾਸਤੇ ਸਾਨੂੰ ਪਰਮਿੰਦਰ ਸਿੰਘ ਝੋਟੇ ਵਰਗੇ ਲੋਕਾਂ ਦੀ ਜ਼ਰੂਰਤ ਸੀ, ਪਰ ਉਸ ਦੇ ਦਿਨ-ਦਿਹਾੜੇ ਹੋਏ ਕਤਲ ਤੋਂ ਬਾਅਦ ਲੋਕਾਂ ਦਾ ਪੰਜਾਬ ਦੀ ਕਾਨੂੰਨ-ਵਿਵਸਥਾ ਤੋਂ ਪੂਰੀ ਤਰ੍ਹਾਂ ਭਰੋਸਾ ਉੱਠ ਚੁਕਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਤਸਕਰਾਂ ਨੂੰ ਨੱਥ ਪਾਉਣ ‘ਚ ਬਿਲਕੁੱਲ ਨਾਕਾਮ ਸਾਬਿਤ ਹੋਈ ਹੈ ਅਤੇ ਇਸ ਦੇ ਨੁਮਾਇੰਦਿਆਂ ਦਾ ਪੂਰਾ ਧਿਆਨ ਸਿਰਫ ਫੋਕੀ ਇਸ਼ਤਿਹਾਰਬਾਜ਼ੀ ‘ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਝਾੜੂ ਪਾਰਟੀ ਨੂੰ ਅਜਿਹੇ ‘ਰੰਗਲੇ ਪੰਜਾਬ’ ਲਈ ਵੋਟਾਂ ਨਹੀਂ ਪਾਈਆਂ ਸਨ, ਜਿਸ ਦੇ ਰਾਜ ਵਿਚ ਨਸ਼ਿਆਂ ਖ਼ਿਲਾਫ਼ ਆਵਾਜ ਬੁਲੰਦ ਕਰਨ ਵਾਲੇ ਸੁਰੱਖਿਅਤ ਨਾ ਹੋਣ।