ਐੱਸ. ਏ. ਐੱਸ. ਨਗਰ, 14 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਤੇ ‘ਕਾਕਰੋਚ ਜਨਤਾ ਪਾਰਟੀ’ ਦੇ ਅਭਿਜੀਤ ਅਤੇ ਉਸ ਦੀ ਟੀਮ ਦੀ ਚੁੱਪੀ ‘ਤੇ ਸਵਾਲ ਖੜ੍ਹੇ ਕੀਤਾ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਮਾਰ ਝੱਲ ਰਹੀ ਹੈ ਅਤੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਤੇ ਇਨਸਾਫ਼ ਦੇ ਸਵਾਲ ਖੜ੍ਹੇ ਹੋ ਰਹੇ ਹਨ ਤਾਂ ਇਹ ਟੀਮ ਚੁੱਪ ਕਿਉਂ ਬੈਠੀ ਹੈ। ਉਨ੍ਹਾਂ ਕਿਹਾ ਕਿ ਕੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਕਰਕੇ ਇਹ ਟੀਮ ਨਸ਼ਿਆਂ ਦੇ ਮੁੱਦੇ ‘ਤੇ ਬੋਲਣ ਤੋਂ ਬਚ ਰਹੀ ਹੈ। ਉਨ੍ਹਾਂ ਕਿਹਾ ਕਿ ਇੰਝ ਪ੍ਰਤੀਤ ਹੋ ਰਿਹਾ ਹੈ ਕਿ ‘ਕਾਕਰੋਚ ਜਨਤਾ ਪਾਰਟੀ’ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸੰਬੰਧਿਤ ਆਗੂਆਂ ਨੂੰ ਆਪਣਾ ਪੱਖ ਜਨਤਕ ਤੌਰ ‘ਤੇ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਆਸੀ ਸਹੂਲਤ ਦੇ ਆਧਾਰ ‘ਤੇ ਨਹੀਂ ਲੜੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਭਵਿੱਖ ਸਭ ਤੋਂ ਮਹੱਤਵਪੂਰਨ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹਰ ਸਮਾਜ ਸੇਵੀ ਦੀ ਸੁਰੱਖਿਆ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।