ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)ਪੰਜਾਬ ਰੋਡਵੇਜ਼ ਪਨਬਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪੱਧਰੀ ਮੀਟਿੰਗ ਕਰਦਿਆਂ ਸੂਬਾ ਸੰਸਥਾਪਕ ਕਮਲ ਕੁਮਾਰ, ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜਗਤਾਰ ਸਿੰਘ, ਕੈਸ਼ੀਅਰ ਬਲਜੀਤ ਸਿੰਘ, ਰਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੰਘਰਸ਼ਾਂ ਦੌਰਾਨ ਜੱਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਤੇ ਨਜਾਇਜ਼ ਪਰਚੇ ਦਰਜ ਕੀਤੇ ਗਏ ਉਨ੍ਹਾਂ ਨੂੰ ਰੱਦ ਕਰਨ ਅਤੇ ਜੇਲ੍ਹਾਂ ਵਿਚ ਬੰਦ ਸਾਥੀਆ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਅਤੇ ਜਥੇਬੰਦੀ ਦੀਆਂ ਮੰਗਾ ਮੁਸ਼ਕਲਾਂ ਸਬੰਧੀ ਸਰਕਾਰ ਨਾਲ ਅੱਜ ਦੀ ਪੈਨਲ ਮੀਟਿੰਗ ਰੱਖੀ ਗਈ ਸੀ, ਪ੍ਰੰਤੂ ਜੇਲ੍ਹ ਵਿਚ ਬੰਦ ਸਾਥੀਆਂ ਨੂੰ ਰਿਹਾਈ ਕਰਨ ਅਤੇ ਮੰਗਾਂ ਦਾ ਹੱਲ ਕਰਨ ਦੀ ਬਜਾਏ ਮੀਟਿੰਗ ਤੋਂ ਵੀ ਸਰਕਾਰ ਭੱਜ ਚੁੱਕੀ ਹੈ | ਵਿਭਾਗ ਦੇ ਨਿੱਜੀਕਰਨ ਨੂੰ ਰੋਕ ਦੀ ਨੀਤੀ ਨੂੰ ਲੈ ਕੇ ਪ੍ਰਧਾਨ ਰੇਸ਼ਮ ਗਿੱਲ, ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ , ਸੀ. ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਪੰਨੂ, ਜਗਜੀਤ ਸਿੰਘ ਲਿਬੜਾ, ਜੁਆਇੰਟ ਸਕੱਤਰ ਜਲੋਰ ਸਿੰਘ ਨੇ ਕਿਹਾ 26 ਜਨਵਰੀ 1950 ਨੂੰ ਦੇਸ਼ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ, ਪਰ ਉਸ ਸੰਵਿਧਾਨ ਨੂੰ ਛਿੱਕੇ ਟੰਗ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਤੇ ਵਿਭਾਗ ਦਾ ਨਿੱਜੀਕਰਨ ਦੀ ਤਿਆਰ ਪੂਰੇ ਜ਼ੋਰ ਤੇ ਕੀਤੀ ਜਾ ਰਹੀ ਹੈ | ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 26 ਜਨਵਰੀ ਨੂੰ ਸਮੂਹ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਤੇ ਕਾਲੇ ਬਿੱਲੇ ਲਾ ਕੇ ਸਰਕਾਰ ਦਾ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਜੇਲ੍ਹ ਵਿੱਚੋਂ ਰਿਹਾਈ ਨਾਲ ਦਿੱਤੀ ਤਾਂ ਇਸ ਤੋਂ ਵੱਡੇ ਐਕਸ਼ਨ ਕੀਤੇ ਜਾਣਗੇ |