ਨੰਗਲ, 25 ਮਾਰਚ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ | ਇਹ ਕਦਮ ਨਾਲ ਵਕੀਲਾਂ ਦੀ ਚਿਰਕਾਲੀ ਮੰਗ ਪੂਰੀ ਹੋਵੇਗੀ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਮਕਾਜ ਲਈ ਸੁਵਿਧਾਜਨਕ ਮਾਹੌਲ ਮਿਲੇਗਾ | ਇਨ੍ਹਾਂ ਚੈਂਬਰਾਂ ਵਿਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵਕੀਲ ਆਪਣੇ ਪੇਸ਼ੇਵਰ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦੇ ਸਕਣ | ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਜਲੀ ਸਪਲਾਈ ਸਬੰਧੀ ਵੀ ਵੱਡਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਲੋਂ ਪਾਵਰ ਸਪਲਾਈ ਮੁਹੱਈਆ ਨਹੀਂ ਕਰਵਾਈ ਜਾਂਦੀ, ਤਾਂ ਪੰਜਾਬ ਸਰਕਾਰ ਆਪਣੇ ਵਲੋਂ ਪਾਵਰ ਲਾਈਨ ਵਿਛਾਏਗੀ ਅਤੇ ਪੱਕੇ ਮੀਟਰ ਲਗਾਏਗੀ | ਇਸ ਤੋਂ ਇਲਾਵਾ ਵਕੀਲ ਭਾਈਚਾਰੇ ਨੂੰ 300 ਯੂਨਿਟ ਮੁਫ਼ਤ ਬਿਜਲੀ ਵੀ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ | ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਨੰਗਲ 'ਚ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਜਾ ਰਿਹਾ ਹੈ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨਾਲ ਵਿਚਾਰ-ਵਟਾਂਦਰਾ ਕਰਕੇ ਨੰਗਲ ਵਿਚ ਲਗਭਗ 5 ਏਕੜ ਜ਼ਮੀਨ 'ਤੇ ਇੱਕ ਸ਼ਾਨਦਾਰ ਅਤੇ ਆਧੁਨਿਕ ਕੋਰਟ ਜੂਡੀਸ਼ੀਅਲ ਕੰਪਲੈਕਸ ਬਣਾਇਆ ਜਾਵੇਗਾ | ਇਹ ਕੰਪਲੈਕਸ ਆਉਣ ਵਾਲੇ ਸਮੇਂ ਵਿਚ ਨਿਆਂ ਪ੍ਰਕਿਰਿਆ ਨੂੰ ਹੋਰ ਸੁਚੱਜਾ ਅਤੇ ਤੇਜ਼ ਬਣਾਉਣ ਵਿਚ ਸਹਾਇਕ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਨੰਗਲ ਦੇ ਵਕੀਲਾਂ ਲਈ ਚੈਂਬਰ, ਬਿਜਲੀ ਸਹੂਲਤ ਅਤੇ ਨਵੇਂ ਜੂਡੀਸ਼ੀਅਲ ਕੰਪਲੈਕਸ ਦੀ ਯੋਜਨਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਉਨ੍ਹਾਂ ਨੂੰ ਪੂਰਾ ਕਰਨ ਲਈ ਗੰਭੀਰ ਹੈ | ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ ਰੂਪਨਗਰ ਆਮ ਆਦਮੀ ਪਾਰਟੀ ਤੇ ਵੱਡੀ ਗਿਣਤੀ ਵਿਚ ਵਕੀਲ ਭਾਈਚਾਰਾ ਹਾਜ਼ਰ ਸੀ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ: ਸੰਜੀਵ ਗੌਤਮ ਵੀ ਹਾਜ਼ਰ ਸਨ |