ਮੀਆਂਪੁਰ ਰੇਲਵੇ ਲੈਵਲ ਕ੍ਰਾਸਿੰਗ ਲਈ 56 ਕਰੋੜ ਦਾ ਟੈਂਡਰ ਪਾਸ- ਲਾਲਪੁਰਾ
ਅਜੀਤ ਡੈਸਕ
26-03-2026
ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਰੋਪੜ ਜ਼ਿਲ੍ਹੇ ਦੇ ਮਹੱਤਵਪੂਰਨ ਮੀਆਂਪੁਰ ਰੇਲਵੇ ਸਟੇਸ਼ਨ ਦੇ ਲੈਵਲ ਕ੍ਰਾਸਿੰਗ ਪ੍ਰੋਜੈਕਟ ਲਈ ਕਰੀਬ 56 ਕਰੋੜ ਰੁਪਏ ਦਾ ਟੈਂਡਰ ਕੇਂਦਰੀ ਰੇਲਵੇ ਮੰਤਰਾਲੇ ਵਲੋਂ ਮਨਜ਼ੂਰ ਕਰ ਦਿੱਤਾ ਗਿਆ ਹੈ | ਇਸ ਪ੍ਰੋਜੈਕਟ ਨਾਲ ਇਲਾਕੇ ਵਿਚ ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਲੈਵਲ ਕ੍ਰਾਸਿੰਗ 'ਤੇ ਹੋਣ ਵਾਲੇ ਹਾਦਸਿਆਂ ਦੇ ਖਤਰੇ ਨੂੰ ਵੀ ਘਟਾਇਆ ਜਾ ਸਕੇਗਾ | ਇਸ ਦੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਸੀ ਅਤੇ ਇਸ ਦੇ ਪਾਸ ਹੋਣ ਨਾਲ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ | ਲਾਲਪੁਰਾ ਨੇ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ ਉਹ ਲਗਾਤਾਰ ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਵਿਚ ਰਹੇ | ਉਨ੍ਹਾਂ ਦੀ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਇਹ ਬਹੁ-ਕਰੋੜੀ ਪ੍ਰੋਜੈਕਟ ਮਨਜ਼ੂਰ ਹੋਇਆ ਹੈ | ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੁਰਖਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਟਰੈਫਿਕ ਸਮੱਸਿਆ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਲੋਕਾਂ ਲਈ ਸੁਰੱਖਿਅਤ ਆਵਾਜਾਈ ਯਕੀਨੀ ਬਣੇਗੀ | ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਗੇ ਵੀ ਉਹ ਵਿਕਾਸ ਕਾਰਜਾਂ ਲਈ ਇਸੇ ਤਰ੍ਹਾਂ ਯਤਨਸ਼ੀਲ ਰਹਿਣਗੇ |