ਨੂਰਪੁਰ ਬੇਦੀ, 29 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਬਹੁ-ਚਰਚਿਤ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਕਰਨ ਦੀ ਬਜਾਏ, ਸਰਕਾਰ ਅਤੇ ਸਮਾਜ ਦੋਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ | ਅੱਜ ਇੱਥੇ ਗੱਲਬਾਤ ਕਰਦਿਆਂ ਸ਼ਰਮਾ ਨੇ ਕਿਹਾ ਕਿ ਡੀ.ਐਮ. ਰੰਧਾਵਾ ਦੀ ਮੌਤ ਇੱਕ ਗੰਭੀਰ ਮਾਮਲਾ ਹੈ ਤੇ ਅਜਿਹੇ ਮਾਮਲਿਆਂ 'ਚ, ਰਾਜਨੀਤਿਕ ਪਾਰਟੀਆਂ ਵਲੋਂ ਇੱਕ ਦੂਜੇ 'ਤੇ ਦੋਸ਼ ਲਗਾਉਣ ਨਾਲ ਸਚਾਈ 'ਚ ਦੇਰੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਸਾਹਮਣੇ ਆ ਰਹੇ ਤੱਥਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕੀਤੀ ਜਾਵੇ ਤਾਂ ਜੋ ਸਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ | ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਨੂੰ ਕੋਈ ਅਸੁਰੱਖਿਆ ਮਹਿਸੂਸ ਹੁੰਦੀ ਹੈ, ਤਾਂ ਸਰਕਾਰ ਨੂੰ ਤੁਰੰਤ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਹਨ | ਸ਼ਰਮਾ ਨੇ ਕਿਹਾ ਕਿ ਇਸ ਮਾਮਲੇ 'ਚ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ |