ਨੰਗਲ, 30 ਮਾਰਚ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 31 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਦੌਰੇ 'ਤੇ ਪਹੁੰਚ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਲਗਭਗ 70 ਕਰੋੜ ਰੁਪਏ ਦੀਆਂ ਵਿਕਾਸੀ ਸੌਗਾਤਾਂ ਦੇਣਗੇ | ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਨੰਗਲ ਅਤੇ ਆਸ-ਪਾਸ ਦੇ ਇਲਾਕੇ ਦੇ ਵਿਕਾਸ ਲਈ ਇੱਕ ਇਤਿਹਾਸਕ ਦਿਨ ਹੋਵੇਗਾ | ਉਨ੍ਹਾਂ ਸਮੂਹ ਨੰਗਲ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਐਨ.ਐਫ.ਐਲ. ਗਰਾਊਾਡ ਵਿਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ | ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਮਹੱਤਵਪੂਰਨ ਪ੍ਰੋਜੈਕਟਾਂ ਵਿੱਚੋਂ ਇੱਕ 18 ਕਰੋੜ ਰੁਪਏ ਦੀ ਲਾਗਤ ਨਾਲ ਨੰਗਲ ਵਿੱਚ ਨਵੇਂ ਵਾਟਰ ਟਰੀਟਮੈਂਟ ਪਲਾਂਟਾਂ ਦੀ ਸਥਾਪਨਾ ਹੈ | ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਦੋਵਾਂ ਹਿੱਸਿਆਂ ਨੂੰ ਸਤਲੁਜ ਦਰਿਆ ਦਾ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਪਾਣੀ ਦੀ ਕਮੀ ਵਾਲੇ ਵਾਰਡਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਨਾਲ ਨਾਲ ਅੰਡਰਗ੍ਰਾਊਾਡ ਪਾਣੀ ਦੀ ਗੁਣਵੱਤਾ ਵਿਚ ਆ ਰਹੀ ਗਿਰਾਵਟ ਨੂੰ ਵੀ ਕਾਬੂ ਕੀਤਾ ਜਾ ਸਕੇਗਾ ਅਤੇ ਬਿਮਾਰੀਆਂ ਵਿਚ ਕਮੀ ਆਵੇਗੀ | ਉਨ੍ਹਾਂ ਹੋਰ ਦੱਸਿਆ ਕਿ ਨੰਗਲ ਵਿਚ ਸ਼ਹੀਦ ਕੈਪਟਨ ਮਨਮੋਹਨ ਕਾਲੀਆ ਦੀ ਯਾਦ ਵਿਚ ਇੱਕ ਆਧੁਨਿਕ ਸੈਂਟਰ ਆਫ ਐਕਸੀਲੈਂਸ ਸਥਾਪਿਤ ਕੀਤਾ ਜਾਵੇਗਾ, ਜਿੱਥੇ ਵਿਦਿਆਰਥੀਆਂ ਨੂੰ ਨਵੀਂ ਤਕਨੀਕੀ ਅਤੇ ਸਕਿਲ ਡਿਵੈਲਪਮੈਂਟ ਕੋਰਸਾਂ ਦੀ ਸਹੂਲਤ ਮਿਲੇਗੀ | ਇਹ ਸੈਂਟਰ ਇਲਾਕੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ ਅਤੇ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਕਰੇਗਾ | ਸਿੱਖਿਆ ਖੇਤਰ ਵਿਚ ਵੱਡੀ ਤਰੱਕੀ ਦੇ ਤਹਿਤ, ਇੱਕ ਪ੍ਰਸਿੱਧ ਸਕੂਲ ਨੂੰ ਅਪਗ੍ਰੇਡ ਕਰਕੇ ਡਾ. ਬੀ.ਆਰ.ਅੰਬੇਡਕਰ ਦੇ ਨਾਮ ਸਮਰਪਿਤ ਕੀਤਾ ਜਾਵੇਗਾ | ਇਸ ਸਕੂਲ ਵਿਚ 500 ਸੀਟਾਂ ਵਾਲਾ ਆਧੁਨਿਕ ਆਡੀਟੋਰੀਅਮ ਅਤੇ ਲਗਭਗ 8 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਚਾਰ ਮੰਜ਼ਿਲਾ ਬਲਾਕ ਤਿਆਰ ਕੀਤਾ ਜਾਵੇਗਾ | ਕੁੱਲ ਮਿਲਾ ਕੇ ਇਸ ਪ੍ਰੋਜੈਕਟ 'ਤੇ ਕਰੀਬ 25 ਕਰੋੜ ਰੁਪਏ ਖਰਚੇ ਜਾਣਗੇ, ਜਿਸ ਨਾਲ ਇਹ ਸਕੂਲ ਉੱਤਰੀ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਸੰਸਥਾਨਾਂ ਵਿਚ ਸ਼ਾਮਿਲ ਹੋਵੇਗਾ | ਇਸ ਤੋਂ ਇਲਾਵਾ, ਨੰਗਲ ਵਿਚ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਸਤਲੁਜ ਦਰਿਆ ਉੱਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬਿ੍ਜ ਬਣਾਇਆ ਜਾਵੇਗਾ |