ਰੂਪਨਗਰ, 31 ਮਾਰਚ (ਸਤਨਾਮ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਵਾਹਨਾਂ 'ਤੇ ਲਗਾਏ ਗਏ ਐਂਟਰੀ ਟੈਕਸ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਵਲ ਵਾਧਾ ਵਾਪਸ ਲੈਣਾ ਹੀ ਕਾਫ਼ੀ ਨਹੀਂ, ਸਗੋਂ ਇਹ ਟੈਕਸ ਪੂਰੀ ਤਰ੍ਹਾਂ ਖਤਮ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਵਿਚ ਇੱਕ ਸੂਬੇ ਤੋਂ ਦੂਜੇ ਸੂਬੇ ਵਿਚ ਜਾਣ ਲਈ ਟੈਕਸ ਲਗਾਉਣਾ ਗੈਰ-ਸੰਵਿਧਾਨਿਕ ਅਤੇ ਸ਼ਰਮਨਾਕ ਗੱਲ ਹੈ | ਇਹ ਪ੍ਰਥਾ ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਂਦੀ ਹੈ | ਚੱਢਾ ਨੇ ਦੱਸਿਆ ਕਿ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿਚ ਉਠਾਏ ਜਾਣ ਤੋਂ ਬਾਅਦ ਤਿੱਖਾ ਹੋ ਗਿਆ ਸੀ ਅਤੇ ਪੰਜਾਬ ਸਰਕਾਰ ਵਲੋਂ ਵੀ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ 'ਤੇ ਟੈਕਸ ਲਗਾਉਣ ਦੀ ਪ੍ਰਸਤਾਵਨਾ ਆਈ ਸੀ | ਇਸ ਦਬਾਅ ਦੇ ਮੱਦੇਨਜ਼ਰ ਹਿਮਾਚਲ ਸਰਕਾਰ ਨੇ ਐਂਟਰੀ ਟੈਕਸ ਵਿਚ ਕੀਤਾ ਵਾਧਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਅਤੇ ਬੈਰੀਅਰ ਦੇ ਪੰਜ ਕਿੱਲੋਮੀਟਰ ਦੇ ਦਾਇਰੇ ਵਿਚ ਰਹਿਣ ਵਾਲਿਆਂ ਨੂੰ ਛੋਟ ਦੇਣ ਦਾ ਐਲਾਨ ਵੀ ਕੀਤਾ ਹੈ | ਉਨ੍ਹਾਂ ਹਿਮਾਚਲ ਦੇ ਕੁੱਝ ਮੰਤਰੀਆਂ ਵਲੋਂ ਪਹਿਲਾਂ ਦਿੱਤੇ ਗਏ ਬਿਆਨਾਂ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੰਦਿਆਂ ਕਿਹਾ ਕਿ ਹੁਣ ਉਹ ਜਨਤਾ ਨੂੰ ਜਵਾਬ ਦੇਣ ਕਿ ਕੀ ਇਸ ਤਰ੍ਹਾਂ ਦੀ ਬਿਆਨਬਾਜ਼ੀ ਉਨ੍ਹਾਂ ਨੂੰ ਸ਼ੋਭਾ ਦਿੰਦੀ ਹੈ | ਚੱਢਾ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਬੜਿੰਗ ਵਲੋਂ ਹਿਮਾਚਲ ਮੁੱਖ ਮੰਤਰੀ ਨਾਲ ਕੀਤੀ ਗਈ ਗੱਲਬਾਤ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਮਾਮਲਾ ਉਠਾਉਣਾ ਚਾਹੀਦਾ ਸੀ ਕਿ ਐਂਟਰੀ ਟੈਕਸ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ |