ਕਾਹਨਪੁਰ ਖੂਹੀ, 31 ਮਾਰਚ (ਗੁਰਬੀਰ ਸਿੰਘ ਵਾਲੀਆ)-ਬਲਾਕ ਸੰਮਤੀ ਨੂਰਪੁਰ ਬੇਦੀ ਦੇ ਨਵ ਨਿਯੁਕਤ ਚੇਅਰਮੈਨ ਸੁਨੀਤਾ ਦੇਵੀ ਵਲੋਂ ਆਪਣੇ ਨਿਵਾਸ ਸਥਾਨ ਪਿੰਡ ਬੂਥਗੜ੍ਹ ਵਿਖੇ ਅਹੁਦਾ ਪ੍ਰਾਪਤੀ ਦੀ ਖ਼ੁਸ਼ੀ 'ਚ ਸ਼ੁਕਰਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪਾਵਨ ਬਾਣੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਮਾਹੌਲ ਵਿਚ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਚੇਅਰਮੈਨ ਸੁਨੀਤਾ ਦੇਵੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਗਿਆ ਇਹ ਫ਼ਤਵਾ ਇੱਕ ਵੱਡੀ ਜ਼ਿੰਮੇਵਾਰੀ ਹੈ, ਜਿਸਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਾ ਸਭ ਤੋਂ ਵੱਡੀ ਸੇਵਾ ਹੈ | ਉਨ੍ਹਾਂ ਕਿਹਾ ਕਿ ਬਲਾਕ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਚੱਲ ਰਹੀਆਂ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਇਆ ਜਾਵੇਗਾ | ਇਸ ਦੌਰਾਨ ਵੱਖ-ਵੱਖ ਪਤਵੰਤਿਆਂ ਨੇ ਵੀ ਆਪਣੇ ਸੰਬੋਧਨ ਵਿਚ ਸੁਨੀਤਾ ਦੇਵੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਚੋਣ ਨਾਲ ਇਲਾਕੇ ਵਿਚ ਨਵੀਂ ਉਮੀਦ ਜਾਗੀ ਹੈ ਅਤੇ ਉਨ੍ਹਾਂ ਤੋਂ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ੀ ਮਿਲਣ ਦੀ ਆਸ ਹੈ | ਅੰਤ ਵਿਚ ਚੇਅਰਮੈਨ ਸੁਨੀਤਾ ਦੇਵੀ ਤੇ ਉਨ੍ਹਾਂ ਦੇ ਪਤੀ ਮਨਜੀਤ ਕੁਮਾਰ ਨੇ ਆਪਣੇ ਸੰਬੋਧਨ ਵਿਚ ਸਾਰੇ ਮਹਿਮਾਨਾਂ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ | ਇਸ ਮੌਕੇ ਮਨਜੀਤ ਚੌਧਰੀ, ਸਰਪੰਚ ਮੱਖਣ ਚੌਧਰੀ, ਸਰਪੰਚ ਸੁਰਜੀਤ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ਼ਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ, ਸਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸਮਤੀ ਮੈਂਬਰ ਰਵਿੰਦਰ ਸਿੰਘ ਬਿੰਦੀ, ਸਰਪੰਚ ਗੁਰਜੀਤ ਗੋਲਡੀ, ਬਲਾਕ ਪ੍ਰਧਾਨ ਨਰਿੰਦਰ ਝਾਂਡੀਆਂ ਉੱਥੇ ਹੋਰ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ