ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ):-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਪਾਰਟੀ ਦੇ ਇਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਨਾਲ ਸਬੰਧਤ ਅਹਿਮ ਮਸਲਿਆਂ ਦੇ ਹੱਲ ਲਈ ਸਾਰੀਆਂ ਰਾਜਨੀਤਿਕ ਧਿਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਰੂਪਨਗਰ ਪ੍ਰੈਸ ਕਲੱਬ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਦੇ ਹੱਕਾਂ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਮੁੱਦਿਆਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਰਾਜਸੀ ਪਾਰਟੀਆਂ ਨੂੰ ਆਪਣੇ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਹਿੱਤਾਂ ਬਾਰੇ ਸੋਚਣਾ ਚਾਹੀਦਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸੂਬੇ ਦੇ ਸੰਵਿਧਾਨਕ, ਆਰਥਿਕ ਅਤੇ ਧਾਰਮਿਕ ਹੱਕਾਂ ਦੀ ਰੱਖਿਆ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲੋਕਾਂ ਵਿੱਚ ਬੇਗਾਨੇਪਨ ਅਤੇ ਬੇਇਨਸਾਫ਼ੀ ਦੀ ਭਾਵਨਾ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਅਤੇ ਪੰਜਾਬ ਦੇ ਮੁੱਦਿਆਂ ‘ਤੇ ਡਟ ਕੇ ਪਹਿਰਾ ਦੇਵੇਗੀ ਅਤੇ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਂਦੀ ਰਹੇਗੀ। ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ “ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026”, ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਨੌਜਵਾਨਾਂ ਵਿੱਚ ਵਧ ਰਹੀ ਬੇਰੁਜ਼ਗਾਰੀ, ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਪੰਜਾਬ ਦੇ ਪਾਣੀਆਂ ਦੇ ਹੱਕ, ਕਿਸਾਨਾਂ ਦੀਆਂ 23 ਫਸਲਾਂ ‘ਤੇ ਐੱਮ.ਐੱਸ.ਪੀ., ਸੂਬੇ ਦੇ ਆਰਥਿਕ ਹਿਤਾਂ ਦੀ ਰੱਖਿਆ ਅਤੇ ਹੋਰ ਅਹਿਮ ਮਸਲਿਆਂ ਦਾ ਜ਼ਿਕਰ ਕੀਤਾ ਗਿਆ। ਆਗੂਆਂ ਨੇ ਇਨ੍ਹਾਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਢੁਕਵੇਂ ਫ਼ੈਸਲੇ ਲੈਣ ਦੀ ਮੰਗ ਕੀਤੀ।ਇਸ ਮੌਕੇ ਹਰਬੰਸ ਸਿੰਘ ਕੰਧੋਲਾ, ਪ੍ਰੀਤਮ ਸਿੰਘ ਸੱਲੋਮਾਜਰਾ, ਗੁਰਮੀਤ ਸਿੰਘ ਮਕੜੌਨਾ, ਅੰਮ੍ਰਿਤਪਾਲ ਸਿੰਘ ਖੱਟੜਾ, ਗੁਰਿੰਦਰ ਸਿੰਘ ਗੋਗੀ, ਪ੍ਰਗਟ ਸਿੰਘ ਰੋਲੂਮਾਜਰਾ, ਹਰਦੇਵ ਸਿੰਘ ਹਰਪਾਲਪੁਰ, ਰਣਜੀਤ ਸਿੰਘ ਗੁੱਡਵਿਲ, ਸ਼ਮਸ਼ੇਰ ਸਿੰਘ ਸ਼ੇਰਾ, ਜਗਵਿੰਦਰ ਸਿੰਘ ਪੰਮੀ ਮੋਰਿੰਡਾ, ਬਾਬਾ ਹਰਦੀਪ ਸਿੰਘ, ਜਥੇਦਾਰ ਭਾਗ ਸਿੰਘ ਰੋਪੜ, ਲਖਵੀਰ ਸਿੰਘ ਖਰੜ, ਕੁਲਬੀਰ ਸਿੰਘ ਮੋਰਿੰਡਾ, ਕਰਨੈਲ ਸਿੰਘ ਵਿੱਕੀ, ਤੇਜਪਾਲ ਸਿੰਘ ਸਿੱਧੂ, ਅਜਮੇਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਅਮਰਜੀਤ ਸਿੰਘ ਢਿੱਲੋਂ, ਜਸਵੰਤ ਸਿੰਘ ਘਨੌਲੀ, ਦਲਜੀਤ ਸਿੰਘ ਕਾਲੜਾ, ਮਨਮੋਹਨ ਸਿੰਘ ਬਾਜਵਾ, ਮਲਕੀਅਤ ਸਿੰਘ, ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।