ਰੂਪਨਗਰ, 2 ਜੂਨ : (ਜਸਵੰਤ ਬੱਸੀ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨੂੰਹੋਂ ਕਲੋਨੀ ਅਤੇ ਕਟਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਸ਼ਰਧਾਲੂ ਮੌਜੂਦ ਰਹੇ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਬਜ਼ੁਰਗ ਹਨ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਤੀਰਥ ਯਾਤਰਾ ਨਹੀਂ ਕਰ ਸਕਦੇ ਸਨ, ਪਰ ਸਰਕਾਰ ਦੀ ਇਸ ਪਹਿਲ ਨਾਲ ਉਨ੍ਹਾਂ ਦੀ ਇਹ ਇੱਛਾ ਪੂਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਸਮੇਤ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਸਿਹਤ ਸੰਬੰਧੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਤਰੀਕੇ ਨਾਲ ਤੀਰਥ ਯਾਤਰਾ ਕਰਵਾਉਣਾ ਹੈ ਤਾਂ ਜੋ ਉਹ ਆਤਮਿਕ ਸ਼ਾਂਤੀ ਅਤੇ ਧਾਰਮਿਕ ਅਨੁਭਵ ਪ੍ਰਾਪਤ ਕਰ ਸਕਣ। ਇਸ ਮੌਕੇ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ।