ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਨਗਰ ਕੌਂਸਲ ਵਿਚ ਆਮ ਆਦਮੀ ਪਾਰਟੀ ਨੇ ਪ੍ਰਧਾਨਗੀ ਦਾ ਅਹੁਦਾ ਆਪਣੇ ਨਾਮ ਕਰ ਲਿਆ ਹੈ। ਨਗਰ ਕੌਂਸਲ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਗਾਤਾਰ ਦੂਜੀ ਵਾਰ ਕੌਂਸਲਰ ਬਣੇ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਬਹੁਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਦੇ ਨਾਲ ਹੀ ਸ੍ਰੀਮਤੀ ਸੰਗੀਤਾ ਕਾਲੀਆ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀਮਤੀ ਸੁਰਜੀਤ ਕੌਰ ਸੈਣੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਸਭ ਤੋਂ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ, ਉਪਰੰਤ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਈ। ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ ਗਿਆ, ਜਿਸ ਨੂੰ ਬਹੁਤੇ ਕੌਂਸਲਰਾਂ ਦਾ ਸਮਰਥਨ ਪ੍ਰਾਪਤ ਹੋਇਆ। ਰਾਜੂ ਸਤਿਆਲ ਦੇ ਹੱਕ ਵਿਚ ਆਮ ਆਦਮੀ ਪਾਰਟੀ ਦੇ 12 ਕੌਂਸਲਰਾਂ ਦੇ ਨਾਲ ਇੱਕ ਕਾਂਗਰਸੀ ਅਤੇ ਇੱਕ ਆਜ਼ਾਦ ਕੌਂਸਲਰ ਨੇ ਵੀ ਸਮਰਥਨ ਦਿੱਤਾ। ਮੀਟਿੰਗ ਦੌਰਾਨ ਭਾਜਪਾ ਦੇ ਦੋ ਕੌਂਸਲਰਾਂ ਵਲੋਂ ਵੀ ਹੱਥ ਖੜ੍ਹੇ ਕੀਤੇ ਗਏ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ। ਹਾਲਾਂਕਿ ਬਾਅਦ ਵਿਚ ਭਾਜਪਾ ਦੇ ਉਕਤ ਕੌਂਸਲਰਾਂ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਸੀ ਕਿ ਸਹਿਮਤੀ ਪ੍ਰਧਾਨਗੀ ਦੀ ਚੋਣ ਲਈ, ਲਈ ਜਾ ਰਹੀ ਹੈ ਅਤੇ ਇਹ ਭੁਲੇਖੇ ਵਜੋਂ ਹੋਇਆ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਅਤੇ ਭਾਜਪਾ ਦੇ ਦੋ ਕੌਂਸਲਰਾਂ ਨੇ ਸਹਿਮਤੀ ਨਹੀਂ ਦਿੱਤੀ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਆਪਸੀ ਸਹਿਯੋਗ ਨਾਲ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਰੂਪਨਗਰ ਦੇ ਵਿਕਾਸ, ਸਫ਼ਾਈ, ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਦੇ ਵਿਸਥਾਰ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਗੌਰਤਲਬ ਹੈ ਕਿ ਪਿਛਲੇ ਮਹੀਨੇ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 21 ਵਿੱਚੋਂ 12 ਸੀਟਾਂ ਜਿੱਤ ਕੇ ਨਗਰ ਕੌਂਸਲ ਵਿਚ ਸਪਸ਼ਟ ਬਹੁਮਤ ਹਾਸਲ ਕੀਤਾ ਸੀ। ਇਸ ਤੋਂ ਬਾਅਦ ਹੀ ਰਾਜੂ ਸਤਿਆਲ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਰਾਜੂ ਸਤਿਆਲ ਦੀ ਚੋਣ ਨਾਲ ਰੂਪਨਗਰ ਨਗਰ ਕੌਂਸਲ ਦੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਵੀ ਜੁੜ ਗਿਆ ਹੈ। ਉਨ੍ਹਾਂ ਦੇ ਪਿਤਾ ਸਵ: ਅਮਰਜੀਤ ਸਿੰਘ ਸਤਿਆਲ ਵੀ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤਰ੍ਹਾਂ ਪਹਿਲੀ ਵਾਰ ਪਿਤਾ ਤੋਂ ਬਾਅਦ ਪੁੱਤਰ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਹੈ। ਇਸੇ ਚੋਣ ਵਿਚ ਉਨ੍ਹਾਂ ਦੀ ਧਰਮਪਤਨੀ ਤਰਨਜੀਤ ਕੌਰ ਸਤਿਆਲ ਵੀ ਕੌਂਸਲਰ ਚੁਣੀ ਗਈ ਹੈ, ਜਿਸ ਨਾਲ ਸਤਿਆਲ ਪਰਿਵਾਰ ਦੀ ਸਥਾਨਕ ਰਾਜਨੀਤੀ ਵਿਚ ਮਜ਼ਬੂਤ ਹਾਜ਼ਰੀ ਹੋਰ ਸਪੱਸ਼ਟ ਹੋ ਗਈ ਹੈ। ਪ੍ਰਧਾਨ ਚੁਣੇ ਜਾਣ ਉਪਰੰਤ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਸਮੂਹ ਕੌਂਸਲਰਾਂ, ਸ਼ਹਿਰ ਵਾਸੀਆਂ, ਵਿਧਾਇਕ ਦਿਨੇਸ਼ ਚੱਢਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ, ਸਫ਼ਾਈ, ਟਰੈਫਿਕ ਪ੍ਰਬੰਧ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਸੁਧਾਰ ਲਈ ਤਰਜੀਹੀ ਆਧਾਰ ’ਤੇ ਕੰਮ ਕੀਤਾ ਜਾਵੇਗਾ। ਨਵੀਂ ਟੀਮ ਦੇ ਗਠਨ ਨਾਲ ਸ਼ਹਿਰ ਵਾਸੀਆਂ ਦੀਆਂ ਉਮੀਦਾਂ ਵੀ ਵਧੀਆਂ ਹਨ ਅਤੇ ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਨਗਰ ਕੌਂਸਲ ਲੰਬੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਅਤੇ ਲੋਕ ਮੁੱਦਿਆਂ ਦੇ ਹੱਲ ਲਈ ਕਿੰਨੀ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਂਦੀ ਹੈ। ਚੋਣ ਉਪਰੰਤ ਰਾਜੂ ਸਤਿਆਲ ਸਮੇਤ ਹਲਕਾ ਵਿਧਾਇਕ ਦਿਨੇਸ਼ ਚੱਢਾ, ਸੀਨੀਅਰ ਮੀਤ ਪ੍ਰਧਾਨ ਸੰਗੀਤਾ ਕਾਲੀਆ ਅਤੇ ਮੀਤ ਪ੍ਰਧਾਨ ਸੁਰਜੀਤ ਕੌਰ ਨੂੰ ਉਹਨਾਂ ਦੇ ਸਮਰਥਕਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਢੋਲ ਢਮੱਕਿਆਂ ਨਾਲ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਖ਼ੁਸ਼ੀ ਵਿਚ ਸ਼ਾਮਿਲ ਹੋਣ ਲਈ ਇੰਦਰਪਾਲ ਸਿੰਘ ਰਾਜੂ ਸਤਿਆਲ ਦੇ ਭਰਾ ਸਤਿੰਦਰ ਪਾਲ ਸਿੰਘ ਬਬਲੂ ਸਤਿਆਲ ਅਤੇ ਪੁੱਤਰ ਦਮਨਵੀਰ ਸਿੰਘ ਕਨੇਡਾ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ।