ਰੂਪਨਗਰ, 14 ਜੁਲਾਈ (ਯਸ਼ਵੰਤ ਬੱਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ ਵਿਚੋ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕੋਰਸਾਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਪ੍ਰਮਾਣ ਦਿੱਤਾ ਹੈ। ਕਾਲਜ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐੱਸ.ਸੀ. ਮੈਡੀਕਲ ਵਿਚ ਗੌਰੀ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਲੀਨ ਕੌਰ ਨੇ 81 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜੈਸ਼ਿਕਾ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਬੀ.ਐੱਸ.ਸੀ. ਨਾਨ-ਮੈਡੀਕਲ ਵਿਚ ਸੁਮੀਤ ਬਾਲਾ ਨੇ 82 ਫ਼ੀਸਦੀ ਅੰਕਾਂ ਨਾਲ ਪਹਿਲਾ, ਨਵਜੋਤ ਕੌਰ ਨੇ 80.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਬਿੰਨੀ ਦੇਵੀ ਨੇ 79.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੀ.ਕਾਮ ਸਮੈਸਟਰ-5 ਵਿਚ ਹਰਪ੍ਰੀਤ ਕੌਰ ਨੇ 79 ਫ਼ੀਸਦੀ ਅੰਕਾਂ ਨਾਲ ਪਹਿਲਾ, ਪ੍ਰਭਜੋਤ ਕੌਰ ਨੇ 78.5 ਫੀਸਦੀ ਅੰਕਾਂ ਨਾਲ ਦੂਜਾ, ਜਦਕਿ ਰਹਿਨੁਮਾ ਅਤੇ ਰਸਨੀਤ ਕੌਰ ਨੇ 77.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਕਾਲਜ ਰੋਪੜ ਗੁਣਵੱਤਾ-ਭਰਪੂਰ ਸਿੱਖਿਆ, ਅਨੁਸ਼ਾਸਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਿਤ ਯਤਨਾਂ ਦਾ ਪ੍ਰਤੱਖ ਪ੍ਰਮਾਣ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।