15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਨੂੰ ਹਰ ਘਰ ਤੱਕ ਪਹੁੰਚਾਵਾਂਗੇ-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ

ਅਜੀਤ ਡੈਸਕ 16-07-2026
ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨੇ ਕਿਹਾ ਹੈ ਕਿ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਵਲੋਂ ਸ਼ੁਰੂ ਕੀਤੇ ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਹੱਕ-ਸੱਚ ਦੇ ਮਿਸ਼ਨ ਨੂੰ ਆਖ਼ਰੀ ਸਾਹ ਤੱਕ ਜ਼ਿੰਦਾ ਰੱਖਿਆ ਜਾਵੇਗਾ ਅਤੇ ਹਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਹ ਵਿਚਾਰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖ਼ਾਲਸਾ ਅਤੇ ਭਾਈ ਰਣਜੀਤ ਸਿੰਘ ਰੋਪੜ ਨੇ ਪ੍ਰੈੱਸ ਨੂੰ ਜਾਰੀ ਸਾਂਝੇ ਬਿਆਨ ਵਿਚ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਭਾਈ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਹੱਕ, ਸੱਚ ਅਤੇ ਇਨਸਾਫ਼ ਦੀ ਲੜਾਈ ਇੱਕ ਮਜ਼ਬੂਤ ਸਮਾਜਿਕ ਲਹਿਰ ਦਾ ਰੂਪ ਧਾਰ ਸਕੇ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕਿਆਂ ਦੌਰਾਨ ਪੰਜਾਬ ਵਿਚ ਕਥਿਤ ਗ਼ੈਰਕਾਨੂੰਨੀ ਹੱਤਿਆਵਾਂ, ਫਰਜ਼ੀ ਪੁਲਿਸ ਮੁਕਾਬਲਿਆਂ ਅਤੇ ਅਣਪਛਾਤੀਆਂ ਲਾਸ਼ਾਂ ਦੇ ਅੰਤਿਮ ਸੰਸਕਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਸਬੂਤਾਂ ਸਮੇਤ ਦੁਨੀਆ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੇ ਮਨੁੱਖੀ ਅਧਿਕਾਰਾਂ ਦੇ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਭਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਐਲਾਨ ਕੀਤਾ ਕਿ ਫੈਡਰੇਸ਼ਨ ਭਾਈ ਖਾਲੜਾ ਸਮੇਤ ਸਾਰੇ ਕਥਿਤ ਗ਼ੈਰਕਾਨੂੰਨੀ ਕਤਲਾਂ ਦੇ ਮਾਮਲਿਆਂ ਵਿਚ ਇਨਸਾਫ਼ ਲਈ ਕਾਨੂੰਨੀ ਲੜਾਈ ਲੜਨ ਵਾਸਤੇ ਯਤਨ ਜਾਰੀ ਰੱਖੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਅਜੇ ਵੀ ਲਾਪਤਾ ਹਨ, ਉਨ੍ਹਾਂ ਨੂੰ ਕਾਨੂੰਨੀ ਅਤੇ ਨੈਤਿਕ ਸਹਾਇਤਾ ਦੇਣ ਲਈ ਜਲਦ ਹੀ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਕਮੇਟੀ ਵਿਚ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰਾਂ ਨੂੰ ਸ਼ਾਮਲ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਸੱਚ ਸਦਾ ਕਾਇਮ ਰਹਿੰਦਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਵੇ ਤਾਂ ਸੰਬੰਧਤ ਸੰਸਥਾਵਾਂ ਨੂੰ ਜਵਾਬਦੇਹ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦਾ ਸੰਘਰਸ਼ ਕਿਸੇ ਇੱਕ ਵਿਅਕਤੀ ਜਾਂ ਇੱਕ ਵਰਗ ਤੱਕ ਸੀਮਤ ਨਹੀਂ ਸੀ, ਸਗੋਂ ਹਰ ਪੀੜਤ ਪਰਿਵਾਰ ਅਤੇ ਇਨਸਾਫ਼ ਦੀ ਮੰਗ ਕਰਨ ਵਾਲੇ ਹਰ ਮਨੁੱਖ ਦੀ ਆਵਾਜ਼ ਸੀ।
ਪਿਛਲੀ ਖ਼ਬਰ ਐੱਸ.ਡੀ.ਐੱਮ. ਤੇ ਡੀ.ਐੱਸ.ਪੀ. ਸ੍ਰੀ ਅਨੰਦਪੁਰ ਸਾਹਿਬ ਦਾ ਸਨਮਾਨ ਅਗਲੀ ਖ਼ਬਰ ਬੇਲਾ ਵਿਖੇ ਲੋਹੇ ਦੀ ਦੁਕਾਨ ਵਿਚੋਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।