ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਬਲਾਕ ਰੋਪੜ ਦੇ ਕਈ ਪਿੰਡਾਂ ਵਿਚ ਪਿਛਲੇ ਤਿੰਨ ਸਾਲਾਂ ਤੋਂ ਮਨਰੇਗਾ ਸਕੀਮ ਤਹਿਤ ਪ੍ਰਸਤਾਵਿਤ ਖੇਡ ਮੈਦਾਨਾਂ ਦਾ ਕੰਮ ਸ਼ੁਰੂ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਖੇਡ ਮੈਦਾਨਾਂ ਦੀ ਉਸਾਰੀ ਲਈ 25 ਫ਼ੀਸਦੀ ਪੇਮੈਂਟ ਜਾਰੀ ਹੋਣ ਦੇ ਬਾਵਜੂਦ ਅਜੇ ਤੱਕ ਕੰਮ ਸ਼ੁਰੂ ਨਹੀਂ ਕੀਤਾ ਗਿਆ। ਇਸ ਸਬੰਧੀ ਮਨਰੇਗਾ ਸਟਾਫ਼ ਵਲੋਂ ਮਈ 2026 ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਰੂਪਨਗਰ ਨੂੰ ਸੂਚਿਤ ਕੀਤੇ ਜਾਣ ਦੇ ਬਾਵਜੂਦ ਕਾਰਵਾਈ ਨਾ ਹੋਣ ਦੇ ਵੀ ਦੋਸ਼ ਲਗਾਏ ਗਏ ਹਨ। ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਸਾਲ 2023 ਵਿਚ ਬਲਾਕ ਰੋਪੜ ਦੇ ਪਿੰਡ ਜੋਧਪੁਰ ਕਕੌਟ, ਭੰਗਾਲਾ, ਖੁਆਸਪੁਰ, ਲਾਡਲ ਅਤੇ ਰਾਵਲ ਮਾਜਰਾ ਵਿਚ ਮਨਰੇਗਾ ਸਕੀਮ ਤਹਿਤ ਖੇਡ ਮੈਦਾਨ ਤਿਆਰ ਕਰਨ ਲਈ 25 ਫ਼ੀਸਦੀ ਪੇਮੈਂਟ ਜਾਰੀ ਕੀਤੀ ਗਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਦੇ ਬਾਵਜੂਦ ਇਨ੍ਹਾਂ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਕੰਮ ਸ਼ੁਰੂ ਨਹੀਂ ਹੋਇਆ ਅਤੇ ਲੋੜੀਂਦਾ ਮਟੀਰੀਅਲ ਵੀ ਨਹੀਂ ਪਹੁੰਚਾਇਆ ਗਿਆ। ਹਰੀਪੁਰ ਨੇ ਕਿਹਾ ਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਵਲੋਂ ਜਾਰੀ ਪੱਤਰ ਵਿਚ ਗ੍ਰਾਮ ਪੰਚਾਇਤਾਂ ਦੀ ਮੰਗ ਅਨੁਸਾਰ ਖੇਡ ਮੈਦਾਨਾਂ ਲਈ ਮਟੀਰੀਅਲ ਭੇਜਣ ਦੀ ਗੱਲ ਕਹੀ ਗਈ ਹੈ। ਇਸ ਦੇ ਬਾਵਜੂਦ, ਉਨ੍ਹਾਂ ਅਨੁਸਾਰ, ਸਬੰਧਤ ਠੇਕੇਦਾਰ ਵਲੋਂ ਕੰਮ ਸ਼ੁਰੂ ਨਹੀਂ ਕੀਤਾ ਗਿਆ। ਸੁਰਿੰਦਰ ਸਿੰਘ ਹਰੀਪੁਰ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਖੇਡ ਮੈਦਾਨ ਬਣਾਉਣ ਦੇ ਨਾਂ ’ਤੇ ਨੌਜਵਾਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਪੈਸੇ ਦੀ ਵਰਤੋਂ ਸਬੰਧੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤਿੰਨ ਸਾਲ ਪਹਿਲਾਂ ਹੀ 25 ਫ਼ੀਸਦੀ ਪੇਮੈਂਟ ਜਾਰੀ ਕੀਤੀ ਜਾ ਚੁੱਕੀ ਸੀ ਤਾਂ ਅਜੇ ਤੱਕ ਖੇਡ ਮੈਦਾਨਾਂ ਦਾ ਕੰਮ ਕਿਉਂ ਸ਼ੁਰੂ ਨਹੀਂ ਕੀਤਾ ਗਿਆ, ਇਸ ਦਾ ਜਵਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੋਪੜ ਹਲਕੇ ਵਿਚ ਖੇਡ ਮੈਦਾਨ ਬਣਾਉਣ ਦੇ ਦਾਅਵੇ ਕਰਨ ਵਾਲੇ ਹਲਕਾ ਵਿਧਾਇਕ ਨੂੰ ਵੀ ਇਸ ਮਾਮਲੇ ਵਿਚ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਪੇਮੈਂਟ ਜਾਰੀ ਹੋਣ ਦੇ ਬਾਵਜੂਦ ਤਿੰਨ ਸਾਲਾਂ ਤੋਂ ਕੰਮ ਕਿਉਂ ਲਟਕਿਆ ਹੋਇਆ ਹੈ। ਹਰੀਪੁਰ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਅਧਿਕਾਰੀ, ਠੇਕੇਦਾਰ ਜਾਂ ਹੋਰ ਵਿਅਕਤੀ ਦੀ ਲਾਪਰਵਾਹੀ ਜਾਂ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੌਜਵਾਨਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਹੋਣ ਦੇਵੇਗੀ ਤੇ ਇਸ ਮਾਮਲੇ ਨੂੰ ਲੋਕਾਂ ਦੀ ਕਚਹਿਰੀ ਤੱਕ ਲੈ ਕੇ ਜਾਵੇਗੀ।
ਬਲਾਕ ਰੋਪੜ ਦੇ ਕਈ ਪਿੰਡਾਂ ’ਚ ਤਿੰਨ ਸਾਲ ਤੋਂ ਨਹੀਂ ਬਣੇ ਖੇਡ ਮੈਦਾਨ, ਕੰਮ ਲਟਕਿਆ
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਬਲਾਕ ਰੋਪੜ ਦੇ ਕਈ ਪਿੰਡਾਂ ਵਿਚ ਪਿਛਲੇ ਤਿੰਨ ਸਾਲਾਂ ਤੋਂ ਮਨਰੇਗਾ ਸਕੀਮ ਤਹਿਤ ਪ੍ਰਸਤਾਵਿਤ ਖੇਡ ਮੈਦਾਨਾਂ ਦਾ ਕੰਮ ਸ਼ੁਰੂ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਖੇਡ ਮੈਦਾਨਾਂ ਦੀ ਉਸਾਰੀ ਲਈ 25 ਫ਼ੀਸਦੀ ਪੇਮੈਂਟ ਜਾਰੀ ਹੋਣ ਦੇ ਬਾਵਜੂਦ ਅਜੇ ਤੱਕ ਕੰਮ ਸ਼ੁਰੂ ਨਹੀਂ ਕੀਤਾ ਗਿਆ।
ਅਜੀਤ ਡੈਸਕ
19-08-2026