ਐੱਸ. ਏ. ਐੱਸ. ਨਗਰ, 3 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ‘ਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੁਹਾਲੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਘੇਰਦਿਆਂ ਕਿਹਾ ਹੈ ਕਿ ਪੁਲਿਸ ਦੀ ਘੱਟ ਨਫ਼ਰੀ ਅਤੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮਾਂ ਦੇ ਧਰਨਿਆਂ, ਵੀ. ਆਈ. ਪੀ. ਡਿਊਟੀਆਂ ਅਤੇ ਰੂਟਾਂ ‘ਤੇ ਤਾਇਨਾਤ ਰਹਿਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਬੀਤੀ ਰਾਤ ਸਥਾਨਕ ਸੈਕਟਰ-80 ‘ਚ ਇਕ ਦੁਕਾਨ ‘ਤੇ ਹੋਈ ਫਾਈਰਿੰਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁਹਾਲੀ ‘ਚ ਗੋਲੀਬਾਰੀ, ਝਪਟਮਾਰੀ, ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਘਟਨਾਵਾਂ ‘ਤੇ ਤੁਰੰਤ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ ‘ਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਬੇਦੀ ਨੇ ਦੋਸ਼ ਲਗਾਇਆ ਕਿ ਮੁਹਾਲੀ ‘ਚ ਨਸ਼ਿਆਂ ਦੀ ਉਪਲੱਬਧਤਾ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਿਵੇਸ਼ਕਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਾਨੂੰਨ-ਵਿਵਸਥਾ ਦੀ ਸਥਿਤੀ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਇਸ ਦਾ ਅਸਰ ਮੁਹਾਲੀ ਦੀ ਸਾਖ, ਨਿਵੇਸ਼ ਅਤੇ ਵਿਕਾਸ ‘ਤੇ ਪੈ ਸਕਦਾ ਹੈ।