ਜ਼ਿਲ੍ਹੇ ’ ਚ ਰਾਸ਼ਟਰੀ ਲੋਕ ਅਦਾਲਤ ਰਾਹੀਂ ਕੀਤਾ ਵੱਡੀ ਗਿਣਤੀ ਮਾਮਲਿਆਂ ਦਾ ਨਿਪਟਾਰਾ ਅਗਲੀ ਲੋਕ ਅਦਾਲਤ 12 ਦਸੰਬਰ ਨੂੰ
ਰੂਪਨਗਰ, 12 ਸਤੰਬਰ (ਯਸ਼ਵੰਤ ਬੱਸੀ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ.
ਰੂਪਨਗਰ, 12 ਸਤੰਬਰ (ਯਸ਼ਵੰਤ ਬੱਸੀ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਰੂਪਨਗਰ, ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਅਦਾਲਤਾਂ ਵਿਖੇ ਸਫ਼ਲਤਾ ਪੂਰਵਕ ਲਗਾਈ ਗਈ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ ਕੁੱਲ 14,782 ਮਾਮਲੇ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿਚ ਦੀਵਾਨੀ ਮਾਮਲੇ, ਫੌਜਦਾਰੀ ਸਮਝੌਤਾਯੋਗ ਮਾਮਲੇ, ਐਨ.ਆਈ. ਐਕਟ ਦੇ ਮਾਮਲੇ, ਬੈਂਕ ਰਿਕਵਰੀ ਮਾਮਲੇ, ਜ਼ਮੀਨ ਪ੍ਰਾਪਤੀ ਨਾਲ ਸਬੰਧਤ ਮਾਮਲੇ, ਵਿਆਹ-ਸਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵੇ, ਐਲ.ਏ.ਸੀ. ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਪਾਣੀ ਦੇ ਬਿੱਲਾਂ ਅਤੇ ਟਰੈਫਿਕ ਚਲਾਨਾਂ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਮਾਮਲੇ ਵੀ ਸ਼ਾਮਲ ਸਨ। ਇਸ ਲੋਕ ਅਦਾਲਤ ਲਈ ਰੂਪਨਗਰ ਵਿਖੇ 6 ਬੈਂਚ, ਸ੍ਰੀ ਆਨੰਦਪੁਰ ਸਾਹਿਬ ਵਿਖੇ 1 ਬੈਂਚ ਅਤੇ ਨੰਗਲ ਵਿਖੇ 1 ਬੈਂਚ ਸਥਾਪਿਤ ਕੀਤੇ ਗਏ। ਇਸ ਤੋਂ ਇਲਾਵਾ ਮਾਲ ਵਿਭਾਗ ਦੀਆਂ ਅਦਾਲਤਾਂ ਦੇ 18 ਬੈਂਚ ਅਤੇ 1 ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਬੈਂਚ ਵਲੋਂ ਵੀ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਰਾਸ਼ਟਰੀ ਲੋਕ ਅਦਾਲਤ ਦੌਰਾਨ ਕੁੱਲ 14,782 ਮਾਮਲਿਆਂ ਵਿੱਚੋਂ 13,293 ਮਾਮਲਿਆਂ ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਗਿਆ ਅਤੇ ਲਗਭਗ 10,82,47,152 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਤਰ੍ਹਾਂ ਲੋਕ ਅਦਾਲਤ ਰਾਹੀਂ ਵੱਡੀ ਗਿਣਤੀ ਵਿਚ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸੁਚੱਜੇ ਢੰਗ ਨਾਲ ਨਿਪਟਾਰਾ ਕਰਕੇ ਲੋਕਾਂ ਨੂੰ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਰਾਹਤ ਪ੍ਰਦਾਨ ਕੀਤੀ ਗਈ। ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਲੋਕ ਅਦਾਲਤ ਝਗੜਿਆਂ ਦੇ ਸੁਚੱਜੇ ਅਤੇ ਆਪਸੀ ਸਹਿਮਤੀ ਨਾਲ ਨਿਪਟਾਰੇ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਨਿਪਟਾਏ ਗਏ ਮਾਮਲਿਆਂ ਵਿਚ ਧਿਰਾਂ ਵਲੋਂ ਅਦਾ ਕੀਤੀ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਲੋਕ ਅਦਾਲਤ ਦੇ ਬੈਂਚ ਵਲੋਂ ਪਾਸ ਕੀਤੇ ਐਵਾਰਡ ਵਿਰੁੱਧ ਆਮ ਤੌਰ ’ਤੇ ਕੋਈ ਅਪੀਲ ਨਹੀਂ ਹੁੰਦੀ, ਜਿਸ ਨਾਲ ਧਿਰਾਂ ਨੂੰ ਸਮੇਂ ਅਤੇ ਖਰਚੇ ਦੀ ਬੱਚਤ ਹੁੰਦੀ ਹੈ।