ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਹੱਦੀ ਪਿੰਡ ਕਮੀਰਪੁਰਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਇਸ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਰਹੇ ਜਿਨ੍ਹਾਂ ਨੇ ਆਪਣੇ ਪਿੰਡ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਵਿਧਾਇਕ ਧਾਲੀਵਾਲ ਸਾਹਮਣੇ ਰੱਖੀਆਂ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਪਿੰਡ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਜਲਦ ਦੂਰ ਕਰਨ ਲਈ ਪੰਚਾਇਤ ਦੇ ਸਹਿਯੋਗ ਨਾਲ ਢੁਕਵਾਂ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਆ ਰਹੀ ਦਿੱਕਤ ਤੋਂ ਰਾਹਤ ਮਿਲ ਸਕੇ | ਇਸ ਤੋਂ ਇਲਾਵਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੇ ਪਿੰਡ ਦੀ ਪੰਚਾਇਤ ਵਲੋਂ ਮਤਾ ਪਾਸ ਕਰਕੇ ਦਿੱਤਾ ਜਾਂਦਾ ਹੈ ਤਾਂ ਪਿੰਡ ਵਿਚ ਪ੍ਰਾਇਮਰੀ ਸਕੂਲ ਲਈ ਵੱਖਰੀ ਇਮਾਰਤ ਬਣਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਸਰਪੰਚ ਜਸਜੀਤ ਸਿੰਘ ਬੱਬੂ ਬੱਲ ਲੱਭੇ ਦਰਿਆ, ਬਲਾਕ ਸੰਮਤੀ ਮਾਸਟਰ ਬਿ੍ਜਨੇਵ ਸਿੰਘ ਢਿੱਲੋਂ, ਹੈਪੀ ਚੱਕਬਾਲਾ, ਦਿਲਬਾਗ ਸਿੰਘ ਖਹਿਰਾ, ਪੂਰਨ ਸਿੰਘ ਅਤੇ ਪੰਚ ਕਾਲਾ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |