ਜੰਡਿਆਲਾ ਗੁਰੂ, 29 ਮਾਰਚ (ਹਰਜਿੰਦਰ ਸਿੰਘ ਕਲੇਰ)-ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਨੂੰ ਧਿਆਨ ਵਿਚ ਰੱਖਦਿਆਂ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਹ ਮਿਲਣੀ ਸਕੂਲ ਦੀ ਮੁੱਖ ਅਧਿਆਪਕਾ ਮਨਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ | ਮੁੱਖ ਅਧਿਆਪਕਾ ਨੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਸਮਾਜਿਕ ਸਿੱਖਿਆ ਅਧਿਆਪਕ ਅਨਦੀਪ ਸਿੰਘ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ, ਕੈਰੀਅਰ ਗਾਈਡੈਂਸ ਅਤੇ ਵਜ਼ੀਫਿਆਂ ਸੰਬੰਧੀ ਵਿਸਥਾਰ ਨਾਲ ਦੱਸਿਆ | ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਸਮੂਹ ਸਟਾਫ, ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਸਾਲਾਨਾ ਪ੍ਰੀਖਿਆਵਾਂ ਵਿਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਜੀਤ ਕੌਰ ਸਰਪੰਚ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ ਜ਼ਿਲ੍ਹਾ ਸਕੱਤਰ, ਇੰਦਰਜੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਬੀਰ ਸਿੰਘ ਅਤੇ ਦਲਜੀਤ ਸਿੰਘ ਆਦਿ ਹਾਜ਼ਰ ਸਨ |