ਅਜਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕ ਸਭਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਿਵਲ ਹਸਪਤਾਲ ਅਜਨਾਲਾ ਦਾ ਅਚਨਚੇਤ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਓਟ ਸੈਂਟਰ ਦਾ ਨਿਰੀਖਣ ਕਰਦਿਆਂ ਨਸ਼ਾ ਛੱਡਣ ਦੀ ਦਵਾਈ ਲੈਣ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ । ਇਸ ਮੌਕੇ ਐੱਸ.ਐੱਮ.ਓ. ਡਾ. ਸ਼ਾਲੂ ਅਗਰਵਾਲ ਵੀ ਮੌਕੇ ਤੇ ਮੌਜੂਦ ਸਨ । ਓਟ ਸੈਂਟਰ ਦੇ ਪ੍ਰਬੰਧਾਂ ਅਤੇ ਸਹੂਲਤਾਂ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੂੰ ਹੀ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ ਤਾਂ ਸਰਕਾਰ ਦੀ ਮੁਹਿੰਮ ਦੀ ਸਫਲਤਾ ’ਤੇ ਸਵਾਲ ਉੱਠਣਾ ਸੁਭਾਵਿਕ ਹੈ । ਸੰਸਦ ਮੈਂਬਰ ਔਜਲਾ ਨੇ ਦੱਸਿਆ ਕਿ ਇਕੱਲੇ ਅਜਨਾਲਾ ਦੇ ਓਟ ਸੈਂਟਰ ਵਿਚ ਹੀ ਕਰੀਬ 650 ਮਰੀਜ਼ ਰਜਿਸਟਰਡ ਹਨ, ਜੋ ਨਿਯਮਿਤ ਤੌਰ ‘ਤੇ ਦਵਾਈ ਲੈਣ ਲਈ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਮਰੀਜ਼ਾਂ ਨੇ ਦੱਸਿਆ ਕਿ ਉਹ ਪਿਛਲੇ ਚਾਰ ਤੋਂ ਪੰਜ ਸਾਲਾਂ ਤੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਹਨ ਅਤੇ ਦਵਾਈ ਲੈਣ ਦੇ ਬਾਵਜੂਦ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ਾਂ ਨੂੰ ਮਨੋਵਿਗਿਆਨਕ ਇਲਾਜ, ਨਿਯਮਿਤ ਕਾਊਂਸਲਿੰਗ, ਪੁਨਰਵਾਸ, ਰੁਜ਼ਗਾਰ ਅਤੇ ਸਮਾਜਿਕ ਸਹਿਯੋਗ ਨਹੀਂ ਮਿਲੇਗਾ ਤਾਂ ਸਥਾਈ ਹੱਲ ਸੰਭਵ ਨਹੀਂ। ਇਸ ਮੌਕੇ ਸੰਸਦ ਮੈਂਬਰ ਔਜਲਾ ਨੇ ਸਿਵਲ ਹਸਪਤਾਲ ਅਜਨਾਲਾ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਮਾਮਲੇ ਨੂੰ ਵੀ ਗੰਭੀਰ ਦੱਸਦਿਆਂ ਪੁਲਿਸ ਪ੍ਰਸ਼ਾਸਨ ਨੂੰ ਆੜ੍ਹੇ ਹੱਥੀਂ ਲਿਆ । ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
‘ਸਤਲੁਜ’ ਫ਼ਿਲਮ ਨੂੰ ਲੈ ਕੇ ਪੀੜਤਾਂ ਬਾਰੇ ਸਰਕਾਰ ਵਾਈਟ ਪੇਪਰ ਜਾਰੀ ਕਰੇ-‘ਸਤਲੁਜ’ ਫ਼ਿਲਮ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੀਆਂ ਫ਼ਿਲਮਾਂ ਰਾਹੀਂ ਲੋਕਾਂ ਦੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਦੀ ਬਜਾਏ ਸਰਕਾਰ ਨੂੰ ਖਾੜਕੂਵਾਦ ਦੇ ਦੌਰ ਵਿਚ ਮਾਰੇ ਗਏ ਸਾਰੇ ਬੇਕਸੂਰ ਲੋਕਾਂ ਬਾਰੇ ਇਕ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਪਸ਼ਟ ਕਰੇ ਕਿ ਕਿੰਨੇ ਲੋਕ ਮਾਰੇ ਗਏ, ਉਹ ਕੌਣ ਸਨ, ਕਿਹੜੀਆਂ ਸਥਿਤੀਆਂ ਵਿਚ ਉਨ੍ਹਾਂ ਦੀ ਮੌਤ ਹੋਈ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਪੁਨਰਵਾਸ ਲਈ ਕੀ ਕਦਮ ਚੁੱਕੇ ਗਏ। ਕਾਂਗਰਸ ਦੇ ਕਲੇਸ਼ ਬਾਰੇ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਦੋਵੇਂ ਹੀ ਸਾਡੇ ਸਤਿਕਾਰਯੋਗ ਆਗੂ ਹਨ, ਹਾਈਕਮਾਂਡ ਜੋ ਫ਼ੈਸਲੇ ਕਰੇਗੀ, ਸਭ ਨੂੰ ਮਨਜ਼ੂਰ ਹੋਣਾ ਚਾਹੀਦਾ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਪੰਜਾਬ ਦੀ ਸਿਆਸਤ ਬਾਰੇ ਆਪਣਾ ਸਪਸ਼ਟ ਸਟੈਂਡ ਰੱਖਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ’ਚ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਲੜਾਈ ਲੜਨਾ ਕਾਂਗਰਸ ਦੀ ਸਭ ਤੋਂ ਵੱਡੀ ਤਰਜੀਹ ਹੈ।
ਸੰਸਦ ਮੈਂਬਰ ਔਜਲਾ ਵਲੋਂ ਸਿਵਲ ਹਸਪਤਾਲ ਅਜਨਾਲਾ ਅਤੇ ਓਟ ਸੈਂਟਰ ਦਾ ਕੀਤਾ ਅਚਨਚੇਤ ਨਿਰੀਖਣ
ਅਜੀਤ ਡੈਸਕ
15-07-2026