ਘਨੌਰ, 21 ਜਨਵਰੀ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਓ.ਬੀ.ਸੀ. ਮੋਰਚਾ ਪੰਜਾਬ ਦੇ ਪ੍ਰਮੁੱਖ ਪ੍ਰਵਕਤਾ ਜਰਨੈਲ ਸਿੰਘ ਹੈਪੀ ਕੰਬੋਜ ਨੇ ਨਿਤਿਨ ਨਬੀਨ ਨੂੰ ਭਾਰਤੀ ਜਨਤਾ ਪਾਰਟੀ ਦਾ ਨਵਾਂ ਰਾਸ਼ਟਰੀ ਪ੍ਰਧਾਨ ਚੁਣੇ ਜਾਣ 'ਤੇ ਨਿੱਘੀ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਨਿਤਿਨ ਨਬੀਨ ਦੀ ਅਗਵਾਈ ਹੇਠ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਨਵੀਆਂ ਬੁਲੰਦੀਆਂ ਨੂੰ ਛੂਹੇਗੀ | ਜਰਨੈਲ ਸਿੰਘ ਹੈਪੀ ਨੇ ਕਿਹਾ ਕਿ ਨਿਤਿਨ ਨਬੀਨ ਇਕ ਬਹੁਤ ਹੀ ਸੁਲਝੇ ਹੋਏ ਅਤੇ ਜ਼ਮੀਨੀ ਪੱਧਰ ਦੇ ਆਗੂ ਹਨ, ਜਿਨ੍ਹਾਂ ਨੇ ਸੰਗਠਨ ਵਿਚ ਕਈ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਇਕ ਨੌਜਵਾਨ ਚਿਹਰੇ ਨੂੰ ਰਾਸ਼ਟਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਵਿਚ ਮਿਹਨਤੀ ਵਰਕਰਾਂ ਦਾ ਪੂਰਾ ਸਤਿਕਾਰ ਹੁੰਦਾ ਹੈ | ਹੈਪੀ ਕੰਬੋਜ ਨੇ ਕਿਹਾ ਨਿਤਿਨ ਨਬੀਨ ਦੇ ਪ੍ਰਧਾਨ ਬਣਨ ਨਾਲ ਪੰਜਾਬ ਦੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਹੇਠ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੋੜਨ ਵਿਚ ਕਾਮਯਾਬ ਹੋਵੇਗੀ | ਖ਼ਾਸ ਕਰਕੇ ਪੰਜਾਬ ਦੀ ਸਿਆਸਤ ਵਿਚ ਭਾਜਪਾ ਆਉਣ ਵਾਲੇ ਸਮੇਂ ਵਿਚ ਇਕ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ | ਜਰਨੈਲ ਸਿੰਘ ਹੈਪੀ ਨੇ ਭਰੋਸਾ ਦਿਵਾਇਆ ਕਿ ਓ.ਬੀ.ਸੀ. ਮੋਰਚਾ ਪੰਜਾਬ ਦੇ ਸਮੂਹ ਵਰਕਰ ਨਵੇਂ ਰਾਸ਼ਟਰੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ | ਅੰਤ ਵਿਚ ਹੈਪੀ ਕੰਬੋਜ ਨੇ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਸੰਗਠਨ ਨੂੰ ਹੋਰ ਵੀ ਸ਼ਕਤੀਸ਼ਾਲੀ ਬਣਾਵੇਗੀ |