ਭੁੱਨਰਹੇੜੀ, 26 ਮਾਰਚ (ਧਨਵੰਤ ਸਿੰਘ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਨੇ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਵਿਖੇ ਰਾਜ ਪੱਧਰੀ ਯੂਥ ਅਵੇਅਰਨੈੱਸ ਐਂਡ ਲੀਡਰਸ਼ਿਪ ਪ੍ਰੋਗਰਾਮ ਕਰਵਾਇਆ | ਇਸ ਬਾਰੇ ਪੱਤਰਕਾਰ ਨੂੰ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੀ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਸ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਦੇ ਵਿਦਿਆਰਥੀਆਂ ਦਾ ਯੂਥ ਅਵੇਅਰਨੈੱਸ ਐਂਡ ਲੀਡਰਸ਼ਿਪ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ9 ਇਸ ਮੌਕੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀਆਂ ਰੋਹਿਤ ਕੁਮਾਰ ਅਤੇ ਤੁਸ਼ਾਰ ਸਹਿਗਲ ਨੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਿੱਸਾ ਲਿਆ9 ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਨੇਤਿ੍ਤਵ ਸਮਰੱਥਾ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਇਸ ਮੌਕੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਜੀਵਨ ਦੀਆਂ ਅਸਲ ਚੁਣੌਤੀਆਂ ਲਈ ਤਿਆਰ ਕਰਦੇ ਹਨ | ਉਨ੍ਹਾਂ ਨੇ ਕਿਹਾ ਕਿ ਨੇਤਿ੍ਤਵ ਸਿਰਫ਼ ਇੱਕ ਹੁਨਰ ਨਹੀਂ, ਸਗੋਂ ਇੱਕ ਸੋਚ ਹੈ ਜੋ ਵਿਦਿਆਰਥੀਆਂ ਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖੀਆਂ ਗੱਲਾਂ ਨੂੰ ਆਪਣੇ ਦਿਨਚਰਿਆ ਵਿਚ ਲਾਗੂ ਕਰਕੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ | ਇਸ ਦੇ ਨਾਲ ਹੀ ਅਸਿਸਟੈਂਟ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਆਪਣੇ ਬਿਆਨ ਵਿਚ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਵਿਚ ਟੀਮ ਵਰਕ, ਅਨੁਸ਼ਾਸਨ, ਸਹਿਨਸ਼ੀਲਤਾ ਅਤੇ ਲੀਡਰਸ਼ਿਪ ਗੁਣਾਂ ਦਾ ਵਿਕਾਸ ਹੁੰਦਾ ਹੈ, ਜੋ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਨਾਉਂਦੇ ਹਨ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਇੰਟਰਐਕਟਿਵ ਸੈਸ਼ਨਾਂ, ਗਰੁੱਪ ਚਰਚਾਵਾਂ ਅਤੇ ਪ੍ਰੈਕਟਿਕਲ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ | ਅੰਤ ਵਿਚ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ¢