31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਹੜ੍ਹਾਂ ਵੇਲੇ ਲੋਕਾਂ ਨੂੰ ਆਪਣੇ ਹਾਲ 'ਤੇ ਛੱਡਿਆ, ਮੁੱਖ ਮੰਤਰੀ ਦੀ ਸਨੌਰ ਫੇਰੀ ਸਿਰਫ਼ ਸਿਆਸੀ ਦਿਖਾਵਾ - ਕਿ੍ਸ਼ਨ ਸਿੰਘ ਸਨੌਰ

ਅਜੀਤ ਡੈਸਕ 30-03-2026
ਸਨੌਰ, 29 ਮਾਰਚ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਸਨੌਰ ਫੇਰੀ ਨੂੰ ਸਿਰਫ਼ ਇਕ 'ਰਾਜਨੀਤਿਕ ਸਟੰਟ' ਕਰਾਰ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਅਤੇ ਦੋਸ਼ ਲਾਇਆ ਕਿ ਜਦੋਂ ਹਲਕੇ ਦੇ ਲੋਕ ਮੁਸੀਬਤ 'ਚ ਸਨ, ਉਦੋਂ ਸਰਕਾਰ ਨੇ ਪੂਰੀ ਤਰ੍ਹਾਂ ਅੱਖਾਂ ਮੀਟ ਲਈਆਂ ਸਨ | ਕਿ੍ਸ਼ਨ ਸਿੰਘ ਸਨੌਰ ਨੇ ਕਿਹਾ ਕਿ ਜਦੋਂ ਕੁਝ ਸਮਾਂ ਪਹਿਲਾਂ ਹਲਕਾ ਸਨੌਰ ਭਿਆਨਕ ਹੜ੍ਹਾਂ ਦੀ ਮਾਰ ਹੇਠ ਸੀ, ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਪਾਣੀ 'ਚ ਡੁੱਬ ਕੇ ਬਰਬਾਦ ਹੋ ਗਈਆਂ ਸਨ, ਉਸ ਸਮੇਂ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਨੇ ਲੋਕਾਂ ਦੇ ਅੱਥਰੂ ਪੂੰਝਣ ਦੀ ਕੋਸ਼ਿਸ਼ ਨਹੀਂ ਕੀਤੀ | ਉਨ੍ਹਾਂ ਕਿਹਾ, ਉਸ ਔਖੀ ਘੜੀ 'ਚ ਲੋਕਾਂ ਨੂੰ ਰੱਬ ਆਸਰੇ ਛੱਡ ਦਿੱਤਾ ਗਿਆ ਸੀ, ਜਿਸ ਕਾਰਨ ਅੱਜ ਹਲਕੇ ਦੇ ਲੋਕਾਂ 'ਚ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ, ਹੜ੍ਹਾਂ ਦੌਰਾਨ ਆਮ ਆਦਮੀ ਦੇ ਹੀ ਵਿਧਾਇਕ ਵਲੋਂ ਮੁੱਦਾ ਚੁੱਕਣ ਦੇ ਬਾਵਜੂਦ ਸਰਕਾਰ ਸੁੱਤੀ ਰਹੀ ਅਤੇ ਹਲਕਾ ਸਨੌਰ ਦੇ ਲੋਕ ਡੁੱਬਦੇ ਰਹੇ | ਸਥਾਨਕ ਮੁੱਦਿਆਂ 'ਤੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਨੌਰ ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ, ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹਨ, ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਵਿਭਾਗਾਂ ਅਤੇ ਨਗਰ ਕੌਂਸਲ 'ਚ ਭਿ੍ਸ਼ਟਾਚਾਰ ਸਿਖ਼ਰਾਂ 'ਤੇ ਹੈ | ਉਨ੍ਹਾਂ ਕਿਹਾ ਕਿ ਜਨਤਾ ਦੀਆਂ ਮੁਸ਼ਕਲਾਂ ਸੁਣਨ ਵਾਲਾ ਕੋਈ ਨਹੀਂ ਹੈ ਅਤੇ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲਗਾਤਾਰ ਅਣਦੇਖਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਹੜ੍ਹਾਂ ਦੌਰਾਨ ਸਿਰਫ਼ ਬਿਆਨਬਾਜ਼ੀ ਕੀਤੀ ਗਈ ਪਰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਹੁਣ ਜਦੋਂ ਹਾਲਾਤ ਕੁਝ ਠੀਕ ਹੋਏ ਹਨ ਤਾਂ ਮੁੱਖ ਮੰਤਰੀ ਦੀ ਫੇਰੀ ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਦੀ ਇਕ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਹਲਕੇ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੰਦੇ ਹੋਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ, ਠੱਪ ਪਏ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਜਾਵੇ ਅਤੇ ਸਭ ਤੋਂ ਜ਼ਰੂਰੀ ਭਿ੍ਸ਼ਟਾਚਾਰ ਨੂੰ ਨੱਥ ਪਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ 'ਤੇ ਉਨ੍ਹਾਂ ਨਾਲ ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਮੈਂਬਰ ਜ਼ਿਲ੍ਹਾ ਪਰੀਸ਼ਦ, ਲਖਵਿੰਦਰ ਸਿੰਘ ਪ੍ਰਧਾਨ ਆਲ ਸਕੂਲ ਟਰਾਂਸਪੋਰਟ ਯੂਨੀਅਨ, ਸੁਖਦੇਵ ਸਿੰਘ ਖੋਖਰ ਸੁਖੀ ਖਾਕਟਾਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਲੱਖੋ-ਗੱਦੋਵਾਲ ਵਿਖੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਸ਼ੈਰੀ ਰਿਆੜ ਵਲੋਂ ਮੁੱਖ ਮੰਤਰੀ ਕੋਲ ਸਨੌਰ ਲਈ ਵਿਸ਼ੇਸ਼ ਪੈਕੇਜ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।