07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੇਅਰ ਕੁੰਦਨ ਗੋਗੀਆ ਨੇ ਖ਼ੁਦ ਬਿਲਡਿੰਗ ਬਰਾਂਚ 'ਚ ਜਾ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ

ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਅ.ਸ. ਆਹਲੂਵਾਲੀਆ)-ਸਥਾਨਕ ਲੋਕਾਂ ਨੂੰ ਨਗਰ ਨਿਗਮ ਨਾਲ ਸੰਬੰਧਿਤ ਕੰਮਾਂ ਲਈ ਦਫ਼ਤਰਾਂ ਦੇ ਗੇੜੇ ਮਾਰਨ ਤੋਂ ਨਿਜਾਤ ਦਿਵਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਇਕ ਬੇਹਦ ਸ਼ਲਾਘਾਯੋਗ ਅਤੇ ਆਪ-ਮੁਹਾਰੇ ਪਹਿਲ ਕੀਤੀ ਹੈ | ਮੇਅਰ ਨੇ ਖ਼ੁਦ ਨਗਰ ਨਿਗਮ ਦੀ ਬਿਲਡਿੰਗ ਬਰਾਂਚ ਦੇ ਵੱਖ-ਵੱਖ ਅਧਿਕਾਰੀਆਂ ਏ.ਟੀ.ਪੀ., ਐਮ.ਟੀ.ਪੀ., ਡਰਾਫਟਮੈਨ ਅਤੇ ਬਿਲਡਿੰਗ ਇੰਸਪੈਕਟਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ | ਦੱਸਣਯੋਗ ਹੈ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਆਮ ਤੌਰ 'ਤੇ ਅਧਿਕਾਰੀਆਂ ਨੂੰ ਮੇਅਰ ਦੇ ਦਫ਼ਤਰ ਵਿਚ ਮੀਟਿੰਗ ਲਈ ਬੁਲਾਇਆ ਜਾਂਦਾ ਹੈ, ਪਰ ਮੇਅਰ ਕੁੰਦਨ ਗੋਗੀਆ ਨੇ ਖ਼ੁਦ ਅਧਿਕਾਰੀਆਂ ਦੀਆਂ ਸੀਟਾਂ 'ਤੇ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕੰਮ ਕਰਨ ਦੇ ਤਰੀਕੇ ਨੂੰ ਦੇਖਿਆ | ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਪ੍ਰਸਾਸ਼ਨਿਕ ਕੰਮਾਂ ਵਿਚ ਤੇਜ਼ੀ ਲਿਆਉਣਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ | ਮੇਅਰ ਨੇ ਡਰਾਫਟਮੈਨ ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਫ਼ੀਲਡ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਸਮਝਣ ਅਤੇ ਉਨ੍ਹਾਂ ਦਾ ਹੱਲ ਕਰਨ | ਮੀਟਿੰਗਾਂ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਐਨ.ਓ.ਸੀ. ਲੈਣ ਅਤੇ ਮਕਾਨਾਂ ਦੇ ਨਕਸ਼ੇ ਪਾਸ ਕਰਵਾਉਣ ਵੇਲੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਅਕਸਰ ਸ਼ਿਕਾਇਤਾਂ ਮਿਲਦੀਆਂ ਹਨ ਕਿ ਫਾਈਲਾਂ ਨੂੰ ਬਿਨਾਂ ਵਜ੍ਹਾ ਲਟਕਾਇਆ ਜਾਂਦਾ ਹੈ, ਜਿਸ ਨੂੰ ਹੁਣ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਿਯਮਾਂ ਅਨੁਸਾਰ ਸਾਰੀਆਂ ਫਾਈਲਾਂ ਦਾ ਨਿਪਟਾਰਾ ਤੈਅ ਸਮੇਂ ਦੇ ਅੰਦਰ ਕੀਤਾ ਜਾਵੇ | ਮੇਅਰ ਨੇ ਸਪਸ਼ਟ ਕੀਤਾ ਕਿ ਪਟਿਆਲਾ ਵਾਸੀਆਂ ਦੀ ਸੇਵਾ ਲਈ ਉਹ 24 ਘੰਟੇ ਹਾਜ਼ਰ ਹਨ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋਕਾਂ ਨੂੰ ਪ੍ਰੇਸ਼ਾਨ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਤੁਰੰਤ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ ਹੈ | ਇਸ ਮੌਕੇ ਨਗਰ ਨਿਗਮ ਦੇ ਬਿਲਡਿੰਗ ਬਰਾਂਚ ਦੇ ਸਮੂਹ ਉੱਚ ਅਧਿਕਾਰੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਮੇਅਰ ਨੂੰ ਭਰੋਸਾ ਦਿੱਤਾ ਕਿ ਉਹ ਜਨਤਾ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨਗੇ |
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਪੁਸਤਕ ਮੇਲੇ ਤੇ ਸਾਹਿਤ ਉਤਸਵ ਦੇ ਚੌਥੇ ਦਿਨ ਪਦਮਸ੍ਰੀ ਸਵਰਨ ਸਿੰਘ ਬੋਪਾਰਾਏ ਦੀ ਪੁਸਤਕ ਪੰਜਾਬ ਦੇ ਦਰ... ਅਗਲੀ ਖ਼ਬਰ 'ਘਨੌਰ ਵਿਚ 9 ਸਾਲਾਂ ਤੋਂ ਕੋਈ ਵਿਕਾਸ ਨਹੀਂ, ਬੁਨਿਆਦੀ ਸੁਵਿਧਾਵਾਂ ਗ਼ਾਇਬ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।