ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਬੈਠਕ
ਅਜੀਤ ਡੈਸਕ
24-06-2026
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਨੌਜਵਾਨ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਦੇ ਮਾਪੇ ਜਾਂ ਪਰਿਵਾਰਕ ਮੈਂਬਰ ਸਾਕੇਤ ਹੈਲਪਲਾਈਨ ਨੰਬਰ 0175-2213385 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਨੌਜਵਾਨਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਿਹਤ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇ ਤਾਂ ਜੋ ਉਹ ਬੱਚਿਆਂ ਦੇ ਵਿਵਹਾਰ ਵਿਚ ਆਉਣ ਵਾਲੀਆਂ ਤਬਦੀਲੀਆਂ ਨੂੰ ਸਮਝ ਸਕਣ ਅਤੇ ਸਮੇਂ ਸਿਰ ਇਹ ਪਛਾਣ ਕੀਤੀ ਜਾ ਸਕੇ ਕਿ ਕੋਈ ਵਿਦਿਆਰਥੀ ਨਸ਼ਿਆਂ ਦੀ ਲਪੇਟ ਵਿੱਚ ਤਾਂ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸ਼ੁਰੂਆਤੀ ਪਛਾਣ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਲਤ ਤੋਂ ਮੁਕਤੀ ਲਈ ਇਲਾਜ, ਕਾਊਂਸਲਿੰਗ ਅਤੇ ਸਹਾਇਤਾ ਸੇਵਾਵਾਂ ਲਗਾਤਾਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨਸ਼ਾ ਛੱਡਣ ਲਈ ਟੈਲੀ-ਮਾਨਸ ਟੋਲ ਫ੍ਰੀ ਹੈਲਪਲਾਈਨ 1800-891-4416 ਉੱਤੇ ਸੰਪਰਕ ਕਰਕੇ ਮਾਹਿਰ ਸਲਾਹ ਅਤੇ ਮਦਦ ਲਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਿਰਫ਼ ਨਸ਼ਾ ਛੁਡਾਉਣ ਤੱਕ ਸੀਮਿਤ ਨਹੀਂ ਹੈ, ਸਗੋਂ ਨਸ਼ਿਆਂ ਤੋਂ ਮੁਕਤ ਹੋਏ ਨੌਜਵਾਨਾਂ ਦੇ ਪੁਨਰ ਵਿਕਾਸ ਅਤੇ ਪੁਨਰਵਾਸ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਟੀਚਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ ਅਤੇ ਸਮਾਜ ਦੀ ਮੁੱਖਧਾਰਾ ਨਾਲ ਜੁੜ ਸਕਣ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਤਾਂ ਜੋ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਸੰਬੰਧੀ ਦਿੱਤੀ ਜਾਣ ਵਾਲੀ ਹਰ ਜਾਣਕਾਰੀ ਨੂੰ ਪੂਰੀ ਗੁਪਤਤਾ ਨਾਲ ਲਿਆ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਸੁਰੱਖਿਅਤ ਰੱਖੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਘਨੌਰ ਗੁਰਲਾਲ ਘਨੌਰ, ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਵੀ.ਡੀ.ਸੀ. ਮੈਂਬਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।