ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿਚ ਚੱਲ ਰਹੀ ਸਪੈਸ਼ਲ ਇਨਸੇਂਟਿਵੇ ਰਵੀਜ਼ਨ (ਐਸ.ਆਈ.ਆਰ.-2026) ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਧੀਕ ਜ਼ਿਲ੍ਹਾ ਚੋਣ ਅਫਸਰ ਅਨੁਪ੍ਰਿਤਾ ਜੌਹਲ, ਚੋਣ ਤਹਿਸੀਲਦਾਰ ਵਿਜੇ ਚੌਧਰੀ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਨਿਯੁਕਤ ਕੀਤੇ ਬੀ.ਐਲ.ਏ-1 ਮੌਜੂਦ ਸਨ। ਮੀਟਿੰਗ ਦੌਰਾਨ ਜਿਲ੍ਹਾ ਚੋਣ ਅਫਸਰ ਜੀ ਨੇ ਦੱਸਿਆ ਕਿ ਐਸ.ਆਈ.ਆਰ-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵੱਧ ਤੋਂ ਵੱਧ ਸ਼ੁੱਧ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸ ਪ੍ਰਕਿਰਿਆ ਦੀ ਸਫਲਤਾ ਲਈ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਅਤੇ ਸਹਿਯੋਗ ਬਹੁਤ ਜਰੂਰੀ ਹੈ। ਮੀਟਿੰਗ ਵਿਚ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਲਈ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀ ਨਿਯੁਕਤੀ ਜਲਤ ਤੋਂ ਜਲਦ ਯਕੀਨੀ ਬਣਾਉਣ ਅਤੇ ਨਿਯੁਕਤੀ ਪੱਤਰ ਨਿਰਧਾਰਤ ਪ੍ਰੋਫਾਰਮੇ ਵਿੱਚ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਕੋਲ ਜਮ੍ਹਾ ਕਰਵਾਉਣ। ਉਨ੍ਹਾਂ ਦੱਸਿਆ ਕਿ ਬੀ.ਐਲ.ਏ. ਚੋਣ ਕਮਿਸ਼ਨ ਅਤੇ ਰਾਜਨੀਤਿਕ ਪਾਰਟੀਆਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਦੇ ਹਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਵਿਚ ਅਹਿਮ ਯੋਗਦਾਨ ਪਾ ਸਕਦੇ ਹਨ। ਮੀਟਿੰਗ ਦੌਰਾਨ ਬੀ.ਐਲ.ਓ. ਬੀ.ਐਲ.ਓ. ਓਰੇਨਟੀਏਸ਼ਨ ਪ੍ਰੋਗਰਾਮ ਸੰਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਜੋ ਕਿ ਹਲਕਾ ਪੱਧਰੀ ਤੇ 23 ਜੂਨ ਤੋਂ 24 ਜੂਨ 2026 ਨੂੰ ਕਰਵਾਈ ਜਾ ਰਹੀ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੀਐਲ ਏਜ਼ ਦੀ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਐਸ ਆਈ ਆਰ ਦੀ ਪ੍ਰਕਿਰਿਆ, ਫਾਰਮਾਂ, ਸਮੀਖਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਹੋ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ ਘਰ-ਘਰ ਸਰਵੇਖਣ ਦੀ ਪ੍ਰਕਿਰਿਆ ਸ਼ੁਰੂ ਹੋਣੀ ਹੈ, ਜਿਸ ਦੌਰਾਨ ਬੂਥ ਲੈਵਲ ਅਫਸਰ ਘਰ-ਘਰ ਜਾ ਕੇ ਇਨੁਮੀਰੇਸ਼ਨ ਫੋਰਮ ਡਿਸਟ੍ਰਿਬਯੂਟ ਅਤੇ ਸਹੀ ਜਾਣਕਾਰੀ ਭਰਵਾ ਕੇ, ਉਸ ਦੀ ਇਕ ਕਾਪੀ ਕਲੈਕਟ ਕਰਨਗੇ। ਇਸ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਬੀ.ਐਲ. ਏ’ਜ਼ ਦੇ ਸਹਿਯੋਗ ਦੀ ਵੀ ਅਪੀਲ ਕੀਤੀ ਗਈ। ਮੀਟਿੰਗ ਵਿਚ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਜ਼ੇਸ਼ਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਰਾਜਨੀਤਿਕ ਪਾਰਟੀਆਂ ਤੋਂ ਸੁਝਾਅ ਮੰਗੇ ਗਏ ਤਾਂ ਜੋ ਵੋਟਰਾਂ ਦੀ ਸੁਵਿਧਾ ਅਤੇ ਚੋਣ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੇ ਸੁਝਾਅ ਵੀ ਸਾਂਝੇ ਕੀਤੇ ਅਤੇ ਐਸ.ਆਈ.ਆਰ-2026 ਦੀ ਪ੍ਰਕਿਰਿਆ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।