ਸਮਾਣਾ, 23 ਜੂਨ (ਸਾਹਿਬ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਨੂੰ ਸਿਰਫ਼ ਤੇ ਸਿਰਫ਼ ਇਕ ਸਿਆਸੀ ‘ਫ਼ੋਟੋ ਸੈਸ਼ਨ’ ਕਰਾਰ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਕੋਲ ਪੰਜਾਬ ਦੀ ਭਲਾਈ, ਤਰੱਕੀ ਅਤੇ ਵਿਕਾਸ ਲਈ ਨਾ ਤਾਂ ਕੋਈ ਸੋਚ ਹੈ ਅਤੇ ਨਾ ਹੀ ਕੋਈ ਠੋਸ ਏਜੰਡਾ। ਇਹ ਭਾਜਪਾ ਆਗੂ ਸਿਰਫ਼ ਝੂਠੀਆਂ ਗੱਲਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਅਤੇ ਰਾਜਨੀਤਿਕ ਹਿਤਾਂ ਦੀ ਪੂਰਤੀ ਲਈ ਪੰਜਾਬ ਦੇ ਚੱਕਰ ਲਗਾ ਰਹੇ ਹਨ। ਉਨ੍ਹਾਂ ਆਖਿਆ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਸੀ, ਜਦਕਿ ਕੇਂਦਰ ਸਰਕਾਰ ਵਲੋਂ ਕੇਵਲ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਫਿਰ ਵੀ ਕੇਂਦਰ ਸਰਕਾਰ ਨੇ ਕੁੱਝ ਨਹੀਂ ਦਿੱਤਾ। ਸ. ਬਰਸਟ ਨੇ ਕਿਹਾ ਕਿ ਨਿਤਿਨ ਨਬੀਨ ਵਲੋਂ ਤਿੰਨ ਦਿਨਾਂ ਦੌਰੇ ਦੌਰਾਨ ਕਿਸਾਨਾਂ ਅਤੇ ਕਿਸਾਨੀ ਲਈ ਇਕ ਵੀ ਸ਼ਬਦ ਨਹੀਂ ਬੋਲਿਆ ਅਤੇ ਨਾ ਹੀ ਕਿਸਾਨੀ ਨੂੰ ਪ੍ਰਫੱਲਿਤ ਕਰਨ ਲਈ ਕੋਈ ਰੋਡਮੈਪ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾ ਵੀ ਕਈ ਵਾਰ ਕਿਸਾਨਾਂ ਨਾਲ ਵਾਅਦੇ ਕਰਕੇ ਮੁੱਕਰ ਚੁੱਕੀ ਹੈ। ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇਗੀ ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਉੱਤੇ ਦਰਜ ਮਾਮਲੇ ਵਾਪਸ ਨਹੀਂ ਲਏ ਗਏ ਅਤੇ ਅੰਦੋਲਨ ਦੌਰਾਨ ਟਰੈਕਟਰਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਆਪਣੇ ਹੀ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ।