12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਮਹੂਰੀ ਅਧਿਕਾਰ ਸਭਾ ਵਲੋਂ ਰੋਸ ਮਾਰਚ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ, ਜਮਹੂਰੀ ਹੱਕਾਂ ’ਤੇ ਹੋ ਰਹੇ ਹਮਲਿਆਂ ਦਾ ਵਿਰੋਧ

ਅਜੀਤ ਡੈਸਕ 29-07-2026
ਪਟਿਆਲਾ, 28 ਜੁਲਾਈ (ਗੁਰਵਿੰਦਰ ਸਿੰਘ ਔਲਖ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਪਟਿਆਲਾ ਇਕਾਈ ਵਲੋਂ ਵੱਖ-ਵੱਖ ਭਰਾਤਰੀ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਜਮਹੂਰੀ ਹੱਕਾਂ ’ਤੇ ਹੋ ਰਹੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਸ਼ਹਿਰ ਅੰਦਰ ਰੋਸ ਰੈਲੀ ਤੇ ਮਾਰਚ ਕੱਢਿਆ। ਡਾ. ਬੀ. ਐਸ. ਸੋਹਲ ਦੀ ਅਗਵਾਈ ਹੇਠ ਰੋਜ਼ ਗਾਰਡਨ ਵਿਖੇ ਹੋਈ ਰੈਲੀ ਤੋਂ ਬਾਅਦ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘਿਆ, ਜਿਥੇ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਆਰਥਿਕ ਮਾਮਲਿਆਂ ਦੇ ਮਾਹਿਰ ਡਾ. ਸੁੱਚਾ ਸਿੰਘ ਗਿੱਲ, ਡਾ. ਰਣਜੀਤ ਸਿੰਘ ਘੁੰਮਣ, ਪ੍ਰੋ. ਬਾਵਾ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਰਾਮਿੰਦਰ ਪਟਿਆਲਾ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਰਾਜ ਜੋਸ਼ੀ, ਵਿਦਿਆਰਥੀ ਆਗੂ ਅਮਨਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਰਣਜੀਤ ਸਵਾਜਪੁਰ, ਪ੍ਰਗਤੀਸ਼ੀਲ ਲੇਖਕ ਸੰਘ ਦੇ ਡਾ. ਕੁਲਦੀਪ ਸਿੰਘ ਦੀਪ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਦਿੱਤੂਪੁਰ, ਮੁਲਾਜ਼ਮ ਆਗੂ ਦਰਸ਼ਨ ਸਿੰਘ ਬੇਲੂਮਾਜਰਾ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਬੀਬੀ ਅਮਨ ਦਿਓਲ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ, ਮਨਰੇਗਾ ਅਤੇ ਸਫ਼ਾਈ ਕਾਮਿਆਂ ਸਮੇਤ ਸੰਘਰਸ਼ ਕਰ ਰਹੇ ਵਰਗਾਂ ਨਾਲ ਕੀਤੀ ਜਾ ਰਹੀ ਸਖ਼ਤੀ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲੋਕ ਵਿਰੋਧੀ, ਰੁਜ਼ਗਾਰ ਵਿਰੋਧੀ ਅਤੇ ਗੈਰ-ਜਮਹੂਰੀ ਨੀਤੀਆਂ ਅਪਣਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਦੇ ਜਮਹੂਰੀ ਹੱਕਾਂ ’ਤੇ ਲਗਾਤਾਰ ਅੰਕੁਸ਼ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੁਲਿਸ ਬਲ ਜਾਂ ਸਖ਼ਤ ਕਾਨੂੰਨੀ ਕਾਰਵਾਈ ਰਾਹੀਂ ਦਬਾਉਣ ਦੀ ਬਜਾਏ ਸਰਕਾਰਾਂ ਨੂੰ ਗੱਲਬਾਤ ਅਤੇ ਸੰਵਾਦ ਰਾਹੀਂ ਰਾਜਨੀਤਿਕ ਅਤੇ ਆਰਥਿਕ ਹੱਲ ਲੱਭਣੇ ਚਾਹੀਦੇ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਮਹੂਰੀ ਹੱਕਾਂ ’ਤੇ ਹੋ ਰਹੇ ਕਥਿਤ ਹਮਲੇ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਬੰਦ ਨਾ ਕੀਤੀਆਂ ਗਈਆਂ ਤਾਂ ਜਮਹੂਰੀ ਅਤੇ ਜਨਤਕ ਜਥੇਬੰਦੀਆਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਨਾਭਾ ’ਚ ਕਈ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਵਿਆਹੁਤਾ ਦੇ ਆਤਮ ਹੱਤਿਆ ਕਰਨ ਦੇ ਮਾਮਲੇ ’ਚ ਸਹੁਰਿਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।