ਬਨੂੜ, 28 ਜੁਲਾਈ (ਭੁਪਿੰਦਰ ਸਿੰਘ)-ਅਕਾਲੀ ਦਲ ਬਾਦਲ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਿਆ ਜਦੋਂ ਸਾਬਕਾ ਕੌਂਸਲਰ ਇੰਦਰਜੀਤ ਕੌਰ ਬਨੂੜ, ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਵਾਰਡ ਨੰਬਰ 10 ਅਧੀਨ ਪੈਂਦੀ ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ ਵਿਖੇ ਕਰਵਾਏ ਸਮਾਗਮ ਵਿਚ ਵਿਧਾਇਕਾ ਮੀਨਾ ਮਿੱਤਲ ਨੇ ਪਹੁੰਚ ਕੇ ਅਕਾਲੀ ਦਲ ਦੇ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ। ਸੰਬੋਧਨ ਕਰਦਿਆਂ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕਰਵਾਏ ਗਏ ਹਨ ਅਤੇ ਇਸੇ ਲੜੀ ਤਹਿਤ ਸ਼ਹਿਰ ਵਿਚ 20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 10 ਵਿਚ ਗਰਾਊਂਡ ਤੇ ਪਾਰਕ ਵਿਚ ਬੰਦ ਪਏ ਵਿਕਾਸ ਕਾਰਜਾਂ ਨੂੰ ਜਲਦੀ ਹੀ ਸਿਰੇ ਚਾੜਿਆ ਜਾਵੇਗਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਵਿਧਾਇਕਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਯੂਥ ਕਲੱਬ ਦੇ ਪ੍ਰਧਾਨ ਸਤਿੰਦਰ ਸਿੰਘ ਮੋਹੀ, ਲਖਵਿੰਦਰ ਸਿੰਘ ਲੱਖੀ ਸੰਧੂ, ਊਧਮ ਸਿੰਘ, ਹੰਸਰਾਜ, ਜਗਤਾਰ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।