ਰਾਜਪੁਰਾ, 28 ਅਗਸਤ (ਜੀ. ਪੀ. ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਐੱਲ. ਈ. ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਰਾਜਪੁਰਾ ਦੇ ਪਿੰਡ ਚਲਹੇੜੀ ਤੇ ਖਜੂਰ ਪੀਰ ਕਾਲੋਨੀ ਵਿਚ ਵਡੀ ਗਿਣਤੀ ਵਿਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।