7 ਮਹੀਨੇ ਬੀਤ ਜਾਣ ’ਤੇ ਵੀ ਪੁਲਿਸ ਤੋਂ ਹਾਲੇ ਤੱਕ ਨਹੀਂ ਮਿਲਿਆ ਇਨਸਾਫ਼- ਜਸਵਿੰਦਰ ਸਿੰਘ
ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਯਤਨ ਜਾਰੀ- ਥਾਣਾ ਮੁਖੀ
ਸਨੌਰ, 14 ਅਗਸਤ (ਸੋਖਲ)- ਪਟਿਆਲਾ ਅਧੀਨ ਥਾਣਾ ਸਨੌਰ ਦੀ ਹਦੂਦ ਅੰਦਰ ਖਾਂਸੀਆ ਰੋਡ ’ਤੇ ਫਰਵਰੀ ਮਹੀਨੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਕੱਛੂਆ ਚਾਲ ਨਾਲ ਚੱਲਣ ਦੇ ਦੋਸ਼ ਲੱਗ ਰਹੇ ਹਨ। ਹਾਦਸੇ ਨੂੰ ਕਰੀਬ 7 ਮਹੀਨੇ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਕਾਰਨ ਪਰਿਵਾਰ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ।
ਜ
ਜਸਵਿੰਦਰ ਸਿੰਘ ਦਿੱਤੀ ਹੋਈ ਸ਼ਿਕਾਇਤਾਂ ’ਤੇ ਆਰ.ਟੀ.ਆਈ. ਦਿਖਾਉਂਦੇ ਹੋਏ। ਤਸਵੀਰ : ਗੀਤਵਿੰਦਰ ਸੋਖਲ
15-09-2026
ਸਨੌਰ, 14 ਅਗਸਤ (ਸੋਖਲ)- ਪਟਿਆਲਾ ਅਧੀਨ ਥਾਣਾ ਸਨੌਰ ਦੀ ਹਦੂਦ ਅੰਦਰ ਖਾਂਸੀਆ ਰੋਡ ’ਤੇ ਫਰਵਰੀ ਮਹੀਨੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਕੱਛੂਆ ਚਾਲ ਨਾਲ ਚੱਲਣ ਦੇ ਦੋਸ਼ ਲੱਗ ਰਹੇ ਹਨ। ਹਾਦਸੇ ਨੂੰ ਕਰੀਬ 7 ਮਹੀਨੇ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਕਾਰਨ ਪਰਿਵਾਰ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਸੰਬੰਧੀ ਸਨੌਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮ੍ਰਿਤਕ ਦੇ ਪੁੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਨਸਾਫ ਦੀ ਮੰਗ ਨੂੰ ਲੈ ਕੇ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਐਸ.ਐਸ.ਪੀ. ਪਟਿਆਲਾ ਸਮੇਤ ਸੰਬੰਧਤ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ। ਇੱਥੋਂ ਤੱਕ ਕਿ ਆਰ.ਟੀ.ਆਈ. ਰਾਹੀਂ ਜਵਾਬ ਮੰਗਣ ਤੋਂ ਬਾਅਦ ਰਿਮਾਇੰਡਰ ਵੀ ਦਿੱਤਾ ਗਿਆ, ਪਰ ਅਜੇ ਤੱਕ ਨਾ ਕੋਈ ਠੋਸ ਕਾਰਵਾਈ ਹੋਈ ਅਤੇ ਨਾ ਹੀ ਕੋਈ ਜਵਾਬ ਮਿਲਿਆ। ਜਸਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਥਾਣਾ ਸਨੌਰ ਦੇ ਮੁਖੀ ਵਲੋਂ ਉਨ੍ਹਾਂ ਨਾਲ ਦੂਜੀ ਗੱਡੀ ’ਤੇ ਪਰਚਾ ਦਰਜ ਕਰਨ ਅਤੇ ਉਸ ਦੀ ਇਨਸ਼ੋਰੈਂਸ ਦੇ ਆਧਾਰ ’ਤੇ ਕਲੇਮ ਦਿਵਾਉਣ ਸੰਬੰਧੀ ਗੱਲ ਕੀਤੀ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਸਵਾਲ ਕੀਤਾ ਕਿ ਜੇਕਰ ਹਾਦਸੇ ਵਿਚ ਇਕ ਵਿਅਕਤੀ ਦੀ ਜਾਨ ਚਲੀ ਗਈ ਹੈ ਤਾਂ ਮਾਮਲੇ ਦੀ ਕਾਨੂੰਨੀ ਕਾਰਵਾਈ ਵਿਚ ਇੰਨੀ ਦੇਰੀ ਕਿਉਂ ਹੋ ਰਹੀ ਹੈ? ਪਰਿਵਾਰ ਨੇ ਉੱਚ ਪੁਲਿਸ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜਲਦ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।ਇਸ ਸੰਬੰਧੀ ਥਾਣਾ ਸਨੌਰ ਦੇ ਮੁਖੀ ਅਵਤਾਰ ਸਿੰਘ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਕੁਝ ਸਮਾਂ ਪਹਿਲਾਂ ਹੀ ਆਇਆ ਹੈ ਤੇ ਉਨ੍ਹਾਂ ਨੂੰ ਥਾਣਾ ਸਨੌਰ ਦਾ ਅਹੁਦਾ ਸੰਭਾਲੇ ਨੂੰ ਵੀ ਕੁਝ ਹੀ ਸਮਾਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਥਾਣਾ ਮੁਖੀ ਨੇ ਦੱਸਿਆ ਕਿ ਹਾਦਸੇ ਨਾਲ ਸੰਬੰਧਤ ਟਰੱਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਗਵਾਹੀ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।