ਪਟਿਆਲਾ, 16 ਸਤੰਬਰ (ਅ. ਸ. ਆਹਲੂਵਾਲੀਆ)- ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਚਾਂਦਨੀ ਚੌਂਕ ਤੋਂ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜਾਵੇਗੀ। ਉਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵਲੋਂ ਸਹਿਯੋਗ ਕਰਨ ਦੇ ਨਾਲ-ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।