ਖੰਡਾ ਚੌਕ ’ਚ ਕੰਟਰੈਕਟ ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
ਪਟਿਆਲਾ, 6 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚਲਾਇਆ ਜਾ ਰਿਹਾ ਸੰਘਰਸ਼ ਅੱਜ 50ਵੇਂ ਦਿਨ ਵਿਚ ਦਾਖਲ ਹੋ ਗਿਆ। ਐਸੋਸੀਏਸ਼ਨ ਵਲੋਂ ਪਟਿਆਲਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਖੰਡਾ ਚੌਂਕ ਤੇ ਫੁਹਾਰਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਪਟਿਆਲਾ, 6 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚਲਾਇਆ ਜਾ ਰਿਹਾ ਸੰਘਰਸ਼ ਅੱਜ 50ਵੇਂ ਦਿਨ ਵਿਚ ਦਾਖਲ ਹੋ ਗਿਆ। ਐਸੋਸੀਏਸ਼ਨ ਵਲੋਂ ਪਟਿਆਲਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਖੰਡਾ ਚੌਂਕ ਤੇ ਫੁਹਾਰਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਕੰਟਰੈਕਟ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੀ ਜਾ ਰਹੀ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਿਹੜੇ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਦੇ ਵੱਖ-ਵੱਖ ਕੈਂਪਸਾਂ, ਕਾਲਜਾਂ ਅਤੇ ਕੇਂਦਰਾਂ ਵਿਚ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਨੂੰ ਅਜੇ ਤੱਕ ਬਣਦੇ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਲਈ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਪੰਜਾਬ ਸਰਕਾਰ ਦੀ ਆਵਾਜ਼ ਸੁਣਨ ਦੀ ਬਜਾਏ ਅੜੀਅਲ ਰਵੱਈਆ ਅਪਣਾ ਰਹੇ ਹਨ। ਐਸੋਸੀਏਸ਼ਨ ਦੇ ਪ੍ਰਮੁੱਖ ਆਗੂ ਡਾ. ਦਲਬੀਰ ਸਿੰਘ ਨੇ ਕਿਹਾ ਕਿ ਅੱਜ 50ਵੇਂ ਦਿਨ ਵੀ ਅਧਿਆਪਕਾਂ ਦਾ ਹੌਸਲਾ ਬੁਲੰਦ ਹੈ ਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।