ਦੇਵੀਗੜ, 10 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਵਿਖੇ ਸੀ.ਬੀ.ਐੱਸ.ਈ. ਦੇ ਕਪੈਸਟੀ ਬਿਲਡਿੰਗ ਪ੍ਰੋਗਰਾਮ ਤਹਿਤ ਲਰਨਿੰਗ ਆਊਟਕਮਜ਼ ਐਂਡ ਪੈਡਾਗੋਜਿਜ਼ ਵਿਸ਼ੇ ’ਤੇ ਅਧਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਸਕੂਲਾਂ ਦੇ 60 ਅਧਿਆਪਕਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਵਿਚ ਨੀਰਜਾ ਸੇਠੀ ਪ੍ਰਿੰਸੀਪਲ ਸ੍ਰੀ ਅਰਬਿੰਦੋ ਸਕੂਲ ਪਟਿਆਲਾ ਅਤੇ ਸੁਸ਼ਮਾ ਪੀ.ਜੀ.ਟੀ. ਹਿੰਦੀ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਫਤਿਹਗੜ੍ਹ ਸਾਹਿਬ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਸਿੱਖਣ ਦੇ ਨਤੀਜਿਆਂ ਅਤੇ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ ਨੂੰ ਬਿਹਤਰ ਬਣਾਉਣ, ਕਲਾਸਰੂਮ ਵਿਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ, ਵਿਦਿਆਰਥੀ-ਕੇਂਦਰਿਤ ਅਧਿਆਪਨ ਵਿਧੀਆਂ ਅਪਣਾਉਣ ਅਤੇ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਤੇ ਦਿਲਚਸਪ ਬਣਾਉਣ ਲਈ ਵੱਖ-ਵੱਖ ਤਰੀਕਿਆਂ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਚਾਰ-ਵਟਾਂਦਰੇ ਅਤੇ ਗਤੀਵਿਧੀਆਂ ਰਾਹੀਂ ਅਧਿਆਪਕਾਂ ਨੂੰ ਆਪਣੇ ਅਧਿਆਪਨ ਹੁਨਰਾਂ ਵਿਚ ਸੁਧਾਰ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਇਕ ਮਹੱਤਵਪੂਰਨ ਉਪਰਾਲਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਤਕਨੀਕਾਂ ਨਾਲ ਜੋੜਦੇ ਹਨ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਵਿਚ ਸਹਾਇਕ ਸਿੱਧ ਹੁੰਦੇ ਹਨ। ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਪੜ੍ਹਾਉਣ ਦੀ ਸਮਰੱਥਾ ਵਿਚ ਵਾਧਾ ਕਰਨਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਭਾਵਸ਼ਾਲੀ ਸਿੱਖਣ-ਸਿਖਾਉਣ ਦੀਆਂ ਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ।