20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਹਿਬਲ ਗੋਲੀਕਾਂਡ ਦੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਵਲੋਂ ਮੁੱਖ ਮੰਤਰੀ ਨੂੰ ਚਲਾਨ ਪੇਸ਼ ਕਰਨ ਦੀ ਅਪੀਲ

ਅਜੀਤ ਡੈਸਕ 09-05-2026
ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਵਲੋਂ ਬੇਅਦਬੀ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਤੋਂ ਬਾਅਦ ਸ਼ੁਰੂ ਕੀਤੀ ਗਈ ਸ਼ੁਕਰਾਨਾ ਯਾਤਰਾ ਦੌਰਾਨ ਬੀਤੀ ਰਾਤ ਕੋਟਕਪੂਰਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਮੰਗ ਕੀਤੀ ਕਿ ਉਹ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਦਾ ਚਲਾਨ ਵੀ ਅਦਾਲਤ ਵਿਚ ਪੇਸ਼ ਕਰਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਹੱਲ ਲਈ ਬਣਾਈ ਗਈ ਸਿੱਟ ਵਲੋਂ ਅਜੇ ਤੱਕ ਅਦਾਲਤ ਵਿਚ ਚਲਾਨ ਪੇਸ਼ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬੇਅਦਬੀ ਰੋਕਣ ਸਬੰਧੀ ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ਕਾਨੂੰਨ ਪਾਰਟੀ ਦਾ ਚੋਣ ਵਾਅਦਾ ਸੀ | ਹੁਣ ਬਾਕੀ ਸ਼ਹੀਦ ਪਰਿਵਾਰਾਂ ਦੀਆਂ ਮੰਗਾਂ ਉਨ੍ਹਾਂ ਨੂੰ ਪੂਰੀਆਂ ਕਰਨੀਆਂ ਚਾਹੀਦੀਆਂ ਹਨ | ਮੁੱਖ ਮੰਤਰੀ ਨੇ ਨਿਆਮੀਵਾਲਾ ਦੀ ਗੱਲ ਧਿਆਨ ਨਾਲ ਸੁਣੀ ਤੇ ਵਾਅਦਾ ਕੀਤਾ ਕਿ ਸਰਕਾਰ ਜਲਦੀ ਹੀ ਅਦਾਲਤ 'ਚ ਚਲਾਨ ਪੇਸ਼ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਤੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ 'ਚ ਸ਼ਾਮਿਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਦਿ੍ੜ ਹੈ |
ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਬਹਿਬਲ ਗੋਲੀਕਾਂਡ ਦੇ ਸ਼ਹੀਦਾਂ ਅਤੇ ਜ਼ਖ਼ਮੀਆਂ ਦਾ ਪੂਰਨ ਸਤਿਕਾਰ ਕਰਦੇ ਹਨ ਤੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਜ਼ਰੂਰ ਇਨਸਾਫ਼ ਮਿਲੇਗਾ | ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਹਾਜ਼ਰ ਸਨ |
ਇਸ ਤੋਂ ਬਾਅਦ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਬਹਿਬਲ ਕਲਾਂ ਉਸ ਸਥਾਨ 'ਤੇ ਪੁੱਜਿਆ ਜਿੱਥੇ ਗੋਲੀਕਾਂਡ ਵਾਪਰਿਆ ਸੀ | ਮੁੱਖ ਮੰਤਰੀ ਨੇ ਇਥੇ ਵੀ ਜੁੜੀ ਹੋਈ ਸੰਗਤ ਨੂੰ ਸੰਬੋਧਨ ਕੀਤਾ |
ਪਿਛਲੀ ਖ਼ਬਰ 35 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਮਿਸ਼ਨ ਫ਼ਤਹਿ 2027 ਤਹਿਤ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।