07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਵਰਕਰਾਂ ਦੀ ਮਿਹਨਤ ਨਾਲ 2027 ’ਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ: ਪ੍ਰਕਾਸ਼ ਸਿੰਘ ਭੱਟੀ

ਅਜੀਤ ਡੈਸਕ 07-07-2026
ਜੈਤੋ, 6 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਵਰਕਰ ਕਿਸੇ ਵੀ ਸਿਆਸੀ ਪਾਰਟੀ ਦੀ ਅਸਲੀ ਤਾਕਤ ਹੁੰਦੇ ਹਨ। ਉਨ੍ਹਾਂ ਦੀ ਮਿਹਨਤ, ਲਗਨ, ਸਮਰਪਣ ਅਤੇ ਲੋਕਾਂ ਨਾਲ ਸਿੱਧਾ ਜੁੜਾਅ ਹੀ ਪਾਰਟੀ ਨੂੰ ਮਜ਼ਬੂਤ ਬਣਾਉਂਦਾ ਹੈ। ਕੋਈ ਵੀ ਪਾਰਟੀ ਸਿਰਫ਼ ਆਗੂਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਨਿਸ਼ਕਾਮ ਸੇਵਾ ਨਾਲ ਅੱਗੇ ਵਧਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਬੀ.ਐਲ.ਏ.-2 ਅਧੀਨ ਵੋਟਾਂ ਦੀ ਸੁਧਾਈ ਅਤੇ ਉਨ੍ਹਾਂ ਦੀ ਆਨ ਲਾਈਨ ਪ੍ਰਕਿਰਿਆ ਸਬੰਧੀ ਪਿੰਡ ਰੋੜੀਕਪੂਰਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਗਈ ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਲੋਕਾਂ ਦੀ ਸੇਵਾ ਅਤੇ ਦੇਸ਼ ਦੀ ਤਰੱਕੀ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਅਤੇ ਪੰਜਾਬ ਦੇ ਵਿਕਾਸ ਵਿਚ ਕਾਂਗਰਸ ਵਲੋਂ ਸਮੇਂ-ਸਮੇਂ ’ਤੇ ਅਹਿਮ ਯੋਗਦਾਨ ਪਾਇਆ ਗਿਆ ਹੈ ਅਤੇ ਲੋਕ ਭਲਾਈ ਨੂੰ ਹਮੇਸ਼ਾ ਪਹਿਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ ਸਹੂਲਤਾਂ, ਕਿਸਾਨੀ ਵਿਕਾਸ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿਚ ਕਾਂਗਰਸ ਸਰਕਾਰਾਂ ਨੇ ਅਹਿਮ ਪਹਿਲ ਕੀਤੀਆਂ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਵਿਕਾਸ, ਰੁਜ਼ਗਾਰ ਅਤੇ ਬਿਹਤਰ ਪ੍ਰਸ਼ਾਸਨ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ, ਵਪਾਰੀਆਂ ਲਈ ਅਨੁਕੂਲ ਮਾਹੌਲ ਅਤੇ ਆਮ ਲੋਕਾਂ ਲਈ ਬਿਹਤਰ ਸਹੂਲਤਾਂ ਦੇਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੀ ਆਵਾਜ਼ ਬਣੀ ਹੈ ਅਤੇ ਅੱਗੇ ਵੀ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਘਰ ਅਤੇ ਹਰ ਪਿੰਡ ਤੱਕ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ ਅਤੇ ਵਰਕਰਾਂ ਦੀ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਵਰਕਰ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਮੈਦਾਨ ਵਿਚ ਕੰਮ ਕਰ ਰਹੇ ਹਨ, ਉਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ, ਵਰਕਰਾਂ ਦੀ ਮਿਹਨਤ ਅਤੇ ਇਕਜੁੱਟਤਾ ਦੇ ਸਦਕਾ 2027 ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਸੇ ਤਾਕਤ ਨਾਲ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਮੇਹਰ ਸਿੰਘ ਬਰਾੜ ਸਾਬਕਾ ਸਰਪੰਚ ਕਰੀਰਵਾਲੀ, ਜਸਵੰਤ ਸਿੰਘ ਢਿੱਲੋਂ ਸਾਬਕਾ ਸਰਪੰਚ ਰੋੜੀਕਪੂਰਾ, ਬਲਦੇਵ ਸਿੰਘ ਬਰਾੜ ਰੋੜੀਕਪੂਰਾ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਅੰਮ੍ਰਿਤਪਾਲ ਸਿੰਘ ਬਰਾੜ ਕੈਨੇਡਾ, ਨਹਿਰੂ ਸਿੰਘ ਬਰਾੜ ਰੋੜੀਕਪੂਰਾ, ਕੌਰ ਸਿੰਘ ਬਰਾੜ, ਬਲਦੇਵ ਸਿੰਘ ਬਿੱਲੂ, ਸ਼ਮਿੰਦਰ ਸਿੰਘ ਢਿੱਲੋਂ ਸਾਬਕਾ ਪੰਚ, ਬੂਟਾ ਸਿੰਘ ਢਿੱਲੋਂ ਰਿਟਾ. ਪੁਲਿਸ ਅਫ਼ਸਰ, ਕੁਲਰਾਜ ਸਿੰਘ ਭਾਊ, ਸੁਰਜੀਤ ਸਿੰਘ ਸੀਰਾ ਬਰਾੜ, ਨਹਿਣਪਾਲ ਸਿੰਘ ਮਾਨ, ਸਿਕੰਦਰ ਸਿੰਘ ਭੁੱਲਰ, ਗੁਰਬੰਸ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ ਅਤੇ ਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਸੱਤ ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਪਿੱਪਲੀ ’ਚ ਹੋਏ ਕਤਲ ਮਾਮਲੇ ’ਚ ਪੁਲਿਸ ਨੇ ਦੋਸ਼ੀ ਪਿਉ-ਧੀ ਨੂੰ ਕਾਬੂ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।