ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਿਖੇ ਜੰਗਲਾਤ ਉਤਸਵ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਪ੍ਰਿੰਸੀਪਲ ਰਜਨੀ ਠਾਕੁਰ ਦੀ ਹਾਜ਼ਰੀ ਵਿਚ ਇਕ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਜੰਗਲਾਤ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਸੁੰਦਰ ਨਾਟਕ ਪੇਸ਼ ਕੀਤਾ ਗਿਆ। ਇਹ ਨਾਟਕ ਸ਼ਰੂਤੀ ਜੈਨ, ਆਸ਼ੂ ਮੌਂਗਾ ਅਤੇ ਸੋਨੀਆ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਫਲ ਦੇਣ ਵਾਲੇ ਅਤੇ ਔਸ਼ਧੀ ਵਾਲੇ ਰੁੱਖ ਲਗਾਏ, ਜਿਸ ਨਾਲ ਵਾਤਾਵਰਨ ਸੰਭਾਲ ਦਾ ਸੰਦੇਸ਼ ਫ਼ੈਲਿਆ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ, ਲਗਾਏ ਗਏ ਰੁੱਖਾਂ ਦੀ ਨਿਯਮਿਤ ਤੌਰ ’ਤੇ ਦੇਖਭਾਲ ਕਰਨ ਅਤੇ ਕੁਦਰਤ ਦੀ ਸੰਭਾਲ ਲਈ ਹਮੇਸ਼ਾ ਕੰਮ ਕਰਨ ਦਾ ਪ੍ਰਣ ਲਿਆ।