09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 21-07-2026
ਮਲੋਟ, 20 ਜੁਲਾਈ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ (ਭਾਰਤ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੋਈ। ਮੀਟਿੰਗ ਦੌਰਾਨ ਭਾਰਤ-ਅਮਰੀਕਾ ਵਪਾਰ ਸਮਝੌਤੇ, ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ, ਈਰਾਨ ’ਤੇ ਅਮਰੀਕੀ ਹਮਲੇ ਅਤੇ ਮਹਿੰਗਾਈ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 22 ਜੁਲਾਈ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਟੋਲ ਪਲਾਜ਼ੇ ਮੁਫ਼ਤ ਕਰਵਾਏ ਜਾਣਗੇ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਅਬੁੱਲਖੁਰਾਣਾ, ਬੱਲੂਆਣਾ ਤੇ ਸਰਦਾਰਗੜ੍ਹ ਟੋਲ ਪਲਾਜਿਆਂ ਨੂੰ ਮੁਫ਼ਤ ਕਰਵਾਉਣ ਦੇ ਨਾਲ-ਨਾਲ ਭਾਜਪਾ ਦੇ ਸੀਨੀਅਰ ਆਗੂ ਰਾਹੁਲ ਸਿੰਘ ਸਿੱਧੂ ਦੀ ਕੋਠੀ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ, ਛੋਟੇ ਵਪਾਰੀਆਂ ਤੇ ਮਿਹਨਤਕਸ਼ ਵਰਗ ਲਈ ਘਾਤਕ ਸਾਬਤ ਹੋਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਵਿਦੇਸ਼ੀ ਖੇਤੀ ਉਤਪਾਦ ਤੇ ਉਦਯੋਗਿਕ ਵਸਤਾਂ ਭਾਰਤੀ ਕਿਸਾਨਾਂ ਅਤੇ ਛੋਟੇ ਉਦਯੋਗਾਂ ਨੂੰ ਭਾਰੀ ਨੁਕਸਾਨ ਪਹੁੰਚਾਉਣਗੀਆਂ। ਆਗੂਆਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਕਿਸੇ ਵੀ ਕੀਮਤ ’ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ ਅਤੇ ਵੱਡੇ ਕਾਰਪੋਰੇਟ ਘਰਾਣਿਆਂ ’ਤੇ ਵੱਧ ਟੈਕਸ ਲਗਾ ਕੇ ਸਰਕਾਰੀ ਖ਼ਜ਼ਾਨਾ ਭਰਿਆ ਜਾਵੇ। ਮੀਟਿੰਗ ਵਿਚ ਇਕ ਮਤੇ ਰਾਹੀਂ ਮਲੋਟ ਸਮੇਤ ਸਾਰੇ ਜ਼ਿਲ੍ਹੇ ਵਿਚ ਟੇਲਾਂ ਤੱਕ ਨਹਿਰੀ ਪਾਣੀ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਸੁਖਦੇਵ ਸਿੰਘ, ਬੋਹੜ ਸਿੰਘ, ਕੁਲਦੀਪ ਸਿੰਘ ਮਲੋਟ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਗਲੀ ਖ਼ਬਰ ਨੱਥੂ ਰਾਮ ਵਰਮਾ ਪ੍ਰਜਾਪਤ ਸਮਾਜ ਵੈੱਲਫੇਅਰ ਬੋਰਡ ਦੇ ਚੇਅਰਪਰਸਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।