ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ ਮਿਲੇ ਇਕ ਮੌਕਾ-ਅਰਸ਼ ਸੱਚਰ
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਬੀਤੀ 27 ਅਗਸਤ ਨੂੰ ਸਰਕਾਰੀ ਦਫ਼ਤਰਾਂ ਵਿਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਸਬੰਧੀ ਜਾਰੀ ਪੱਤਰ ਤੋਂ ਬਾਅਦ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਸੰਵੇਦਨਸ਼ੀਲ ਅਤੇ ਨਿਆਂਸੰਗਤ ਪਹੁੰਚ ਅਪਣਾਉਣ ਦੀ ਬੇਨਤੀ ਕੀਤੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਬੀਤੀ 27 ਅਗਸਤ ਨੂੰ ਸਰਕਾਰੀ ਦਫ਼ਤਰਾਂ ਵਿਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਸਬੰਧੀ ਜਾਰੀ ਪੱਤਰ ਤੋਂ ਬਾਅਦ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਸੰਵੇਦਨਸ਼ੀਲ ਅਤੇ ਨਿਆਂਸੰਗਤ ਪਹੁੰਚ ਅਪਣਾਉਣ ਦੀ ਬੇਨਤੀ ਕੀਤੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਆਮ ਲੋਕ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿਚ ਆਉਂਦੇ ਹਨ ਅਤੇ ਉਨ੍ਹਾਂ ਨੂੰ ਅਧਿਕਾਰੀਆਂ ਦੀ ਗੈਰ-ਹਾਜ਼ਰੀ ਕਾਰਨ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਇਸ ਲਈ ਸਰਕਾਰ ਵਲੋਂ ਪ੍ਰਸ਼ਾਸਨ ਵਿਚ ਜਵਾਬਦੇਹੀ ਅਤੇ ਅਨੁਸ਼ਾਸਨ ਯਕੀਨੀ ਬਣਾਉਣ ਦੀ ਭਾਵਨਾ ਦਾ ਉਹ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਇਹ ਵੀ ਜ਼ਰੂਰੀ ਹੈ ਕਿ ਹਰ ਗੈਰ-ਹਾਜ਼ਰੀ ਨੂੰ ਜਾਣਬੁੱਝ ਕੇ ਕੀਤੀ ਅਨੁਸ਼ਾਸਨਹੀਣਤਾ ਨਾ ਮੰਨਿਆ ਜਾਵੇ। ਕਿਸੇ ਮੁਲਾਜ਼ਮ ਪਿੱਛੇ ਮੈਡੀਕਲ, ਪਰਿਵਾਰਕ, ਫੀਲਡ ਡਿਊਟੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਜਾਇਜ਼ ਕਾਰਨ ਵੀ ਹੋ ਸਕਦਾ ਹੈ। ਇਸ ਲਈ ਕਿਸੇ ਵੀ ਸਖ਼ਤ ਵਿਭਾਗੀ ਕਾਰਵਾਈ ਤੋਂ ਪਹਿਲਾਂ ਸਬੰਧਿਤ ਮੁਲਾਜ਼ਮ ਨੂੰ ਆਪਣਾ ਪੱਖ ਅਤੇ ਗੈਰ-ਹਾਜ਼ਰੀ ਦਾ ਕਾਰਨ ਦੱਸਣ ਦਾ ਇਕ ਨਿਰਪੱਖ ਮੌਕਾ ਜ਼ਰੂਰ ਦਿੱਤਾ ਜਾਣਾ ਚਾਹੀਦਾ ਹੈ। ਸਰਕਾਰ ਅਤੇ ਸਰਕਾਰੀ ਮੁਲਾਜ਼ਮ ਇਕੋ ਪ੍ਰਸ਼ਾਸਨਿਕ ਪਰਿਵਾਰ ਦੇ ਹਿੱਸੇ ਹਨ। ਜੇਕਰ ਕਿਸੇ ਤੋਂ ਪਹਿਲੀ ਵਾਰ ਕੋਈ ਗਲਤੀ ਹੋਈ ਹੈ ਤਾਂ ਜਿੱਥੇ ਨਿਯਮ ਇਜਾਜ਼ਤ ਦਿੰਦੇ ਹਨ, ਉਸ ਨੂੰ ਚੇਤਾਵਨੀ, ਕਾਊਂਸਲਿੰਗ ਅਤੇ ਸੁਧਾਰ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਯਾਦ ਕਰਵਾਇਆ ਕਿ ਆਮ ਆਦਮੀ ਪਾਰਟੀ ਵਲੋਂ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਗਏ ਇਕਰਾਰਨਾਮੇ ਵਿਚ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ, ਸ਼ਿਕਾਇਤ ਨਿਵਾਰਨ ਕਮੇਟੀਆਂ, ਮੁਲਾਜ਼ਮ ਯੂਨੀਅਨਾਂ ਨਾਲ ਗੱਲਬਾਤ, ਵਿਭਾਗੀ ਲੋਕ ਅਦਾਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਤਰਜੀਹ ਦਿੱਤੀ ਗਈ ਸੀ। ਅੰਤ ਵਿਚ ਸੱਚਰ ਨੇ ਕਿਹਾ ਕਿ ਮੁਲਾਜ਼ਮ ਵੀ ਪੰਜਾਬ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ।