05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਅਜੀਤ ਡੈਸਕ 19-07-2026
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਗੋਨਿਆਣਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਭਾਰਤ ਤੇ ਅਮਰੀਕਾ ਦਰਮਿਆਨ ਹੋਏ ਟੈਕਸ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਪੂਰੇ ਪੰਜਾਬ ਵਿਚ ਭਾਜਪਾ ਆਗੂਆਂ ਦੇ ਘਰਾਂ ਅੱਗੇ ਦਿੱਤੇ ਜਾਣ ਵਾਲੇ ਧਰਨੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਕਿਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਝਬੇਲਵਾਲੀ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਥੇਦਾਰ ਨਿਰਮਲ ਸਿੰਘ ਸੰਗੂਧੌਣ, ਪੰਜਾਬ ਕਿਸਾਨ ਯੂਨੀਅਨ ਦੇ ਬੁਲਾਰੇ ਜਰਨੈਲ ਸਿੰਘ ਰੋੜਾਂਵਾਲਾ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ ਨੇ ਬੋਲਦਿਆਂ ਕਿਹਾ ਕਿ ਭਾਰਤ ਤੇ ਅਮਰੀਕਾ ਦਰਮਿਆਨ ਹੋਣ ਵਾਲਾ ਟੈਕਸ ਮੁਕਤ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ, ਸਰਕਾਰੀ ਮੰਡੀ ਪ੍ਰਣਾਲੀ ਤੇ ਦੇਸ਼ ਦੀ ਖ਼ੁਰਾਕੀ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੋਇਆ ਤਾਂ ਸਰਕਾਰੀ ਖ਼ਰੀਦ ਪ੍ਰਣਾਲੀ, ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੇ ਮੰਡੀ ਸਿਸਟਮ ਨੂੰ ਵੱਡਾ ਝਟਕਾ ਲੱਗੇਗਾ, ਜਿਸ ਦੇ ਨਤੀਜੇ ਵਜੋਂ ਕਿਸਾਨ ਹੋਰ ਵੱਡੇ ਆਰਥਿਕ ਸੰਕਟ ਵਿੱਚ ਧੱਕੇ ਜਾਣਗੇ। ਇਸ ਮੌਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪੰਜਾਬ ਦੇ ਦਰਿਆਈ ਪਾਣੀਆਂ ਤੇ ਸੂਬੇ ਦੇ ਸੰਵਿਧਾਨਿਕ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀ ਜ਼ਮੀਨ ’ਤੇ ਕਾਰਪੋਰੇਟ ਕੰਪਨੀਆਂ ਦਾ ਕਬਜ਼ਾ ਕਰਵਾਉਣ ਵੱਲ ਇਹ ਖ਼ਤਰਨਾਕ ਕਦਮ ਹੈ। ਇਸ ਨੀਤੀ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਕਰਕੇ ਫਰੀ ਟਰੇਡ ਐਗਰੀਮੈਂਟ ਦੇ ਵਿਰੋਧ ਵਿਚ 22 ਜੁਲਾਈ ਨੂੰ ਪੂਰੇ ਪੰਜਾਬ ਵਿਚ ਭਾਜਪਾ ਆਗੂਆਂ ਦੇ ਘਰਾਂ ਅੱਗੇ ਤਿੰਨ ਘੰਟੇ ਲਈ ਰੋਸ ਧਰਨੇ ਦਿੱਤੇ ਜਾਣਗੇ ਅਤੇ ਟੋਲ ਪਲਾਜੇ ਫਰੀ ਕੀਤੇ ਜਾਣਗੇ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਫਰੀ ਟਰੇਡ ਐਗਰੀਮੈਂਟ ਦੇ ਵਿਰੋਧ ਵਿਚ ਭਾਜਪਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੀ ਕੋਠੀ ਅੱਗੇ ਸਵੇਰੇ 11 ਵਜੇ ਤੋਂ 2 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚਾ ਬਲਾਕ ਮਲੋਟ ਤੇ ਬਲਾਕ ਲੰਬੀ ਵਲੋਂ ਅਬੁੱਲਖੁਰਾਣਾ ਟੋਲ ਪਲਾਜਾ ਤਿੰਨ ਘੰਟੇ ਲਈ ਫਰੀ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਲੰਬੀਢਾਬ, ਜਸਕਰਨ ਸਿੰਘ ਬੂੜਾ ਗੁੱਜਰ, ਬਲਦੇਵ ਸਿੰਘ ਹਰੀਕੇ ਕਲਾਂ, ਅਮਨਦੀਪ ਸਿੰਘ ਹਰੀਕੇ ਕਲਾਂ, ਅਜੈਬ ਸਿੰਘ ਕੋਠੇ ਦਾਨਗੜ੍ਹ ਵਾਲੇ ਮੱਲਣ, ਨਗਿੰਦਰ ਸਿੰਘ ਵਣਵਾਲਾ, ਜਸਵਿੰਦਰ ਸਿੰਘ ਵਣਵਾਲਾ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਅਜੈ ਸੇਤੀਆ ਵਲੋਂ ਇਕ ਦਹਾਕੇ ਤੋਂ ਜਾਰੀ ਹੈ ਬੂਟੇ ਲਾਉਣ ਦੀ ਮੁਹਿੰਮ ਅਗਲੀ ਖ਼ਬਰ ਵਕੀਲਾਂ ਨੇ ਚੈਂਬਰਾਂ ਨੂੰ ਤਾਲੇ ਲਗਾਏ, ਮੰਗਾਂ ਨੂੰ ਲੈ ਕੇ ਵਕੀਲਾਂ ਦਾ ਧਰਨਾ 12ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।