27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਲੋਕ ਮੋਰਚਾ ਪੰਜਾਬ ਵਲੋਂ ਨਿੱਜੀਕਰਨ ਦੇ ਹਮਲਿਆਂ ਖ਼ਿਲਾਫ਼ ਕਨਵੈਨਸ਼ਨ

ਅਜੀਤ ਡੈਸਕ 21-01-2026
ਦੋਦਾ, 20 ਜਨਵਰੀ (ਰਵੀਪਾਲ)-ਕੇਂਦਰ ਸਰਕਾਰ ਵਲੋਂ ਪ੍ਰਾਈਵੇਟ ਕੰਪਨੀਆਂ ਨੂੰ ਵੱਡੇ ਮੁਨਾਫ਼ੇ ਦੇਣ ਲਈ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2025 ਨਿੱਜੀਕਰਨ ਦੇ ਹਮਲੇ ਨੂੰ ਤੇਜ਼ ਕਰਕੇ ਲੋਕਾਂ ਨੂੰ ਮਿਲਦੀਆਂ ਤੁੱਛ ਸਬਸਿਡੀਆਂ ਤੇ ਰੁਜ਼ਗਾਰ ਸੁਰੱਖਿਆ ਨੂੰ ਖ਼ਤਮ ਕਰਨ ਵਾਲਾ ਹੈ, ਜੋ ਸਰਕਾਰ ਦੀ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਨੀਤੀ ਦਾ ਜਿਉਂਦਾ ਜਾਗਦਾ ਸਬੂਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਗਮੇਲ ਸਿੰਘ ਨੇ ਪਿੰਡ ਦੋਦਾ ਵਿਖੇ ਨਿੱਜੀਕਰਨ ਦੇ ਹਮਲਿਆਂ ਖ਼ਿਲਾਫ਼ ਹੋਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਵਲੋਂ ਲਾਗੂ ਕੀਤੇ ਗਏ ਚਾਰ ਕਿਰਤ ਕੋਡ ਵੱਡੀਆਂ ਕੰਪਨੀਆਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦੀ ਖੁੱਲ੍ਹ ਦੇਣ ਵਾਲੇ ਹਨ | ਮਨਰੇਗਾ ਦੀ ਥਾਂ ਜੀ ਰਾਮ ਜੀ ਨਾਂਅ ਦਾ ਨਵਾਂ ਕਾਨੂੰਨ ਲਾਗੂ ਕਰਕੇ ਮਜ਼ਦੂਰਾਂ ਦੀ ਰੁਜ਼ਗਾਰ ਗਾਰੰਟੀ ਦਾ ਹੱਕ ਖ਼ਤਮ ਕਰ ਦਿੱਤਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਵਲੋਂ ਲਿਆਂਦਾ ਜਾ ਰਿਹਾ ਬੀਜ ਬਿੱਲ 2025 ਬੀਜਾਂ 'ਤੇ ਕਾਰਪੋਰੇਟ ਕੰਟਰੋਲ ਕਾਇਮ ਕਰਨ ਦੀ ਕਿਸਾਨ ਵਿਰੋਧੀ ਨੀਤੀ ਦਾ ਹਿੱਸਾ ਹੈ | ਇਸ ਮੌਕੇ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ਕਦਮ 'ਤੇ ਚਲਦਿਆਂ ਸਰਕਾਰੀ ਅਦਾਰਿਆਂ 'ਚ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਬਿਜਲੀ ਬੋਰਡ, ਸਰਕਾਰੀ ਹਸਪਤਾਲਾਂ ਤੇ ਸਰਕਾਰੀ ਟਰਾਂਸਪੋਰਟ 'ਚ ਪ੍ਰਾਈਵੇਟ ਭਾਈਵਾਲੀ ਵਧਾ ਕੇ ਕਾਰਪੋਰੇਟ ਘਰਾਣਿਆਂ ਦਾ ਦਖ਼ਲ ਵਧਾ ਰਹੀ ਹੈ | ਸਰਕਾਰੀ ਅਦਾਰਿਆਂ ਦੀਆਂ ਬੇਸ਼ਕੀਮਤੀ ਜ਼ਮੀਨਾਂ ਤੇ ਜਨਤਕ ਜਾਇਦਾਦਾਂ ਨੂੰ ਵੇਚਣ ਦੇ ਰਾਹ ਤੁਰ ਪਈ ਹੈ | ਦੂਜੇ ਪਾਸੇ ਲੋਕਾਂ ਦੇ ਹੱਕ 'ਚ ਬੋਲਣ-ਲਿਖਣ ਵਾਲੇ ਪੱਤਰਕਾਰਾਂ, ਸਮਾਜਿਕ ਕਾਰਕੁੰਨਾਂ ਤੇ ਬੁੱਧੀਜੀਵੀਆਂ ਨੂੰ ਸੰਗੀਨ ਧਾਰਾਵਾਂ ਤਹਿਤ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ | ਬੁਲਾਰਿਆਂ ਨੇ ਨਿੱਜੀਕਰਨ ਦੀ ਨੀਤੀ ਰੱਦ ਕਰਨ, ਸਾਮਰਾਜੀ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਲੁੱਟ ਦੀਆਂ ਖੁੱਲ੍ਹਾਂ ਦੇਣੀਆਂ ਬੰਦ ਕਰਨ, ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦੇ ਹਮਲੇ ਮੁਕੰਮਲ ਬੰਦ ਕਰਨ ਤੇ ਸਾਮਰਾਜੀ ਮੁਲਕਾਂ ਨਾਲ ਕੀਤੇ ਸਮਝੌਤੇ, ਸੰਧੀਆਂ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਮਜ਼ਦੂਰਾਂ, ਕਿਸਾਨਾਂ, ਬਿਜਲੀ ਕਾਮਿਆਂ, ਮੁਲਾਜ਼ਮਾਂ ਤੇ ਹੋਰ ਇਨਸਾਫ਼ ਪਸੰਦ ਲੋਕਾਂ ਵਲੋਂ ਬੱਸ ਸਟੈਂਡ ਦੋਦਾ ਤੱਕ ਨਿੱਜੀਕਰਨ ਦੇ ਹਮਲਿਆਂ ਤੇ ਵੈਨਜ਼ੂਏਲਾ ਉਪਰ ਕੀਤੇ ਅਮਰੀਕੀ ਸਾਮਰਾਜੀ ਹਮਲੇ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪਿਆਰੇ ਲਾਲ ਦੋਦਾ ਵਲੋਂ ਨਿਭਾਈ ਗਈ |
ਪਿਛਲੀ ਖ਼ਬਰ ਜ਼ਿਲ੍ਹਾ ਸੁਧਾਰ ਘਰ 'ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਅਗਲੀ ਖ਼ਬਰ ਗਿੱਦੜਬਾਹਾ ਵਿਖੇ ਟ੍ਰੈਫ਼ਿਕ ਪੁਲਿਸ ਨੇ ਗੱਡੀਆਂ 'ਤੇ ਰਿਫ਼ਲੈਕਟਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।