27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਦੀ ਅਰਥੀ ਫ਼ੂਕੀ

ਅਜੀਤ ਡੈਸਕ 21-01-2026
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ, ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਅਤੇ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਕੇਸਰ ਸਿੰਘ, ਮਨਜਿੰਦਰ ਸਿੰਘ, ਰਾਜੇਸ਼ ਕੁਮਾਰ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਆਸਾਮੀਆਂ 'ਤੇ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਪਿਛਲੇ 15 ਤੋਂ 20 ਸਾਲਾਂ ਦੇ ਲੰਮੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜ਼ਰਬੇ ਦੇ ਆਧਾਰ 'ਤੇ ਸੰਬੰਧਿਤ ਵਿਭਾਗ 'ਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਸਮੇਤ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪ੍ਰੰਤੂ ਪੰਜਾਬ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਲਾਰੇ ਲਗਾ ਕੇ ਸਮਾਂ ਬਤੀਤ ਕਰ ਰਹੀ ਹੈ | ਉੱਥੇ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਲਗਾ ਕੇ ਬਲਾਕ ਪੱਧਰੀ ਨਹਿਰੀ ਪ੍ਰਾਜੈਕਟ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਵਰਗੀਆਂ ਸਾਰੀਆਂ ਮਾਰੂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ-ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਹੀ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਮੁੱਲ 'ਚ ਵੇਚਣ ਲਈ ਕਾਰਪੋਰੇਟਰਾਂ ਨੂੰ ਖੁੱਲ੍ਹ ਦਿੱਤੀ ਜਾ ਰਹੀ ਹੈ | ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਸਾਥੀਆਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ 'ਤੇ ਵਰਕਰਾਂ ਵਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਗਈ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (ਚੇਅਰਮੈਨ ਕੈਬਨਿਟ ਸਬ ਕਮੇਟੀ) ਦੇ ਵਿਧਾਨ ਸਭਾ ਹਲਕੇ ਦੀ ਦਿੜ੍ਹਬਾ ਦੀ ਅਨਾਜ ਮੰਡੀ ਵਿਚ 24 ਜਨਵਰੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵਲੋਂ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਮੰਗਾਂ ਦਾ ਹੱਲ ਕਰਵਾਉਣ ਤੱਕ ਜਥੇਬੰਦੀ ਵਲੋਂ ਪੁਰਅਮਨ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ |
ਪਿਛਲੀ ਖ਼ਬਰ ਚੋਰੀ ਦੇ ਮਾਮਲੇ 'ਚ ਅਣਪਛਾਤੇ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਸੁਧਾਰ ਘਰ 'ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।