ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਸਬ ਡਵੀਜ਼ਨ ਪੱਧਰ 'ਤੇ ਵੱਖ-ਵੱਖ ਹਾਈਡਲ ਪ੍ਰੋਜੈਕਟਾਂ ਰਣਜੀਤ ਸਾਗਰ ਡੈਮ, ਮੁਕੇਰੀਆਂ ਹਾਈਡਲ ਪ੍ਰੋਜੈਕਟ, ਜੁਗਿੰਦਰ ਨਗਰ ਹਾਈਡਲ ਪ੍ਰੋਜੈਕਟ, ਯੂ.ਬੀ.ਡੀ.ਸੀ ਪਠਾਨਕੋਟ, ਲਹਿਰਾ ਮੁਹੱਬਤ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਅਤੇ ਰੋਪੜ ਥਰਮਲ ਪਲਾਂਟਾਂ ਦੇ ਗੇਟ ਅੱਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪੰਜਾਬ ਸਰਕਾਰ ਵਿਰੁੱਧ ਰੈਲੀਆਂ ਕਰਨ ਉਪਰੰਤ ਸਬ ਕਮੇਟੀ ਪੰਜਾਬ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜ ਕੇ 24 ਜਨਵਰੀ ਵਾਲੇ ਦਿਨ ਦਿੜ੍ਹਬਾ ਦਾਣਾ ਮੰਡੀ ਵਿਚ ਰੱਖੀ ਰੈਲੀ ਵਿਚ ਪਰਿਵਾਰਾਂ ਸਮੇਤ ਕਾਫ਼ਲੇ ਬਣਾ ਕੇ ਪੁੱਜਣ ਦਾ ਐਲਾਨ ਕੀਤਾ ਗਿਆ ਹੈ | ਇਸੇ ਕੜੀ ਤਹਿਤ ਪੰਜਾਬ ਸਰਕਾਰ ਨੂੰ ਜਗਾਉਣ ਲਈ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਕੋਟਕਪੂਰਾ ਵਿਖ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਤਰਸੇਮ ਸਿੰਘ, ਗੁਰਨਾਮ ਸਿੰਘ ਆਦਿ ਆਗੂਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਹ ਰੈਲੀਆਂ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂ ਬੱਧੀ ਅਰਸੇ ਤੋਂ ਕੰਮ ਕਰਦੇ ਜਲ ਸਪਲਾਈ, ਪਾਵਰਕਾਮ, ਵੇਰਕਾ ਮਿਲਕ ਪਲਾਂਟ, ਸੀਵਰੇਜ ਬੋਰਡ, ਪੀ.ਡਬਲਿਊ.ਡੀ, ਇਲੈਕਟਰੀਕਲ, ਫ਼ਰਦ ਕੇਂਦਰ, ਵੇਅਰ ਹਾਊਸ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸ ਇਨਲਿਸਟਮੈਂਟ ਦਿਹਾੜੀਦਾਰ ਅਤੇ ਠੇਕਾ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਮਨਾਉਣ ਲਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ | ਜਥੇਬੰਦੀ ਮੰਗ ਰਹੀ ਹੈ ਕਿ ਭਾਰਤੀ ਸੰਵਿਧਾਨ ਮੁਤਾਬਿਕ ਸਥਾਈ ਸੇਵਾ ਦੀ ਲੋੜ ਦੇ ਖੇਤਰਾਂ ਵਿਚ ਪੱਕਾ ਰੁਜ਼ਗਾਰ ਦਿੱਤਾ ਜਾਵੇ, ਘੱਟੋ ਘੱਟ ਉਜਰਤ ਦੇ ਕਾਨੂੰਨ 1948 ਅਤੇ ਪੰਦਰਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਤਨਖਾਹ ਨਿਸ਼ਚਿਤ ਕੀਤੀ ਜਾਵੇ, ਕੰਮ ਭਾਰ ਦੀ ਪਹਿਲਾਂ ਤਹਿ ਨੀਤੀ ਅਨੁਸਾਰ ਨਵੀਆਂ ਆਸਾਮੀਆਂ ਦੀ ਰਚਨਾ ਕਰਕੇ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ | ਇਸ ਹੀ ਤਰ੍ਹਾਂ ਰਿਟਾਇਰਮੈਂਟ ਉਪਰੰਤ ਸਭ ਨੂੰ ਪੈਨਸ਼ਨਰੀ ਸੇਵਾ ਲਾਭ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ | ਪਰ ਸਰਕਾਰ ਸਾਡੀ ਇਸ ਅਪੀਲ ਨੂੰ ਪ੍ਰਵਾਨ ਕਰਨ ਦੀ ਥਾਂ ਪੰਜਾਬ ਦੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨਾਲ ਉਸਾਰੇ ਸੇਵਾ ਖੇਤਰਾਂ ਨੂੰ ਨਿੱਜੀ ਕਾਰਪੋਰੇਟ ਘਰਾਣਿਆਂ ਹਵਾਲੇ ਕਰ ਰਹੀ ਹੈ |