ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਹਰਮਹਿੰਦਰਪਾਲ)-ਕਿਸਾਨ ਯੂਨੀਅਨ ਬੀਕੇਯੂ ਸਿੱਧੂਪੁਰ ਦੇ ਸੱਦੇ 'ਤੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ 'ਤੇ ਸਥਿਤ ਲੈਂਡ ਮਾਰਗੇਜ਼ ਬੈਂਕ ਦੇ ਅੱਗੇ ਕਿਸਾਨ ਇਕੱਠੇ ਹੋਏ ਅਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਵੀ ਫ਼ੂਕਿਆ | ਕਿਸਾਨ ਆਗੂਆਂ ਸਰਬਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਜੰਮੂਆਣਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਹਰੀਨੌ ਦੇ ਦੋ ਸੱਗੇ ਭਰਾਵਾਂ ਵਲੋਂ ਖੁਦਕੁਸ਼ੀ ਕੀਤੀ ਗਈ, ਜਿਸ ਲਈ ਉਨ੍ਹਾਂ ਨੇ ਕਥਿਤ ਤੌਰ 'ਤੇ ਬੈਂਕ ਮੈਨੇਜਰ ਦੀ ਬਦਸਲੂਕੀ ਅਤੇ ਜਲੀਲ ਕਰਨ ਵਾਲੇ ਵਿਵਹਾਰ ਨੂੰ ਕਾਰਨ ਦੱਸਿਆ | ਉਨ੍ਹਾਂ ਕਿਹਾ ਕਿ ਦੋਨਾਂ ਕਿਸਾਨ ਭਰਾਵਾਂ 'ਤੇ ਬੈਂਕ ਦਾ ਕਰਜ਼ਾ ਸੀ ਅਤੇ ਆਰਥਿਕ ਤੰਗੀ ਦੇ ਕਾਰਨ ਉਹ ਕਰਜ਼ਾ ਵਾਪਸ ਕਰਨ ਵਿਚ ਅਸਮਰਥ ਸਨ, ਜਿਸ ਕਰਕੇ ਉਨ੍ਹਾਂ ਨੂੰ ਜਨਤਕ ਤੌਰ 'ਤੇ ਜਲੀਲ ਕੀਤਾ ਗਿਆ | ਇਸ ਅਪਮਾਨ ਨੂੰ ਸਹਿੰਦੇ ਨਾ ਹੋਏ ਉਨ੍ਹਾਂ ਨੇ ਆਪਣੀ ਜ਼ਿੰਦਗੀ ਖਤਮ ਕਰ ਲਈ | ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਇਹ ਮਾਮਲਾ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਸੂਬੇ ਭਰ ਵਿਚ ਲੈਂਡ ਮਾਰਗੇਜ਼ ਬੈਂਕਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ, ਜਿਸ ਦੇ ਚੱਲਦਿਆਂ ਪੰਜਾਬ ਭਰ ਵਿਚ ਦੋ ਘੰਟਿਆਂ ਲਈ ਬੈਂਕਾਂ ਦੇ ਅੱਗੇ ਧਰਨੇ ਲਗਾਏ ਗਏ | ਕਿਸਾਨਾਂ ਨੇ ਸਪਸ਼ਟ ਕੀਤਾ ਕਿ ਉਹ ਕਿਸੇ ਵੀ ਹਾਲਤ ਵਿਚ ਕਿਸਾਨਾਂ ਦੀ ਜ਼ਮੀਨ ਕੁਰਕ ਨਹੀਂ ਹੋਣ ਦੇਣਗੇ ਅਤੇ ਨਾ ਹੀ ਕਿਸੇ ਕਰਜ਼ੇ ਹੇਠ ਦਬੇ ਕਿਸਾਨ ਨੂੰ ਮਰਨ ਦੇਣਗੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਬੈਂਕ ਅਧਿਕਾਰੀ ਵਲੋਂ ਕਿਸਾਨਾਂ ਨੂੰ ਜਨਤਕ ਤੌਰ 'ਤੇ ਬੇਇਜ਼ਤ ਕੀਤਾ ਗਿਆ ਜਾਂ ਕਰਜ਼ੇਦਾਰ ਕਿਸਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਤਾਂ ਉਸ ਦਾ ਵੀ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਘਿਰਾਓ ਕੀਤਾ ਜਾਵੇਗਾ | ਕਿਸਾਨ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਮੁੱਖ ਮੰਗ ਇਹ ਹੈ ਕਿ ਸੰਬੰਧਿਤ ਬੈਂਕ ਮੈਨੇਜਰ ਖ਼ਿਲਾਫ਼ ਸਖ਼ਤ ਧਾਰਾਵਾਂ ਹੇਠ ਪਰਚਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਜਾਵੇ | ਮਰਨ ਵਾਲੇ ਨੌਜਵਾਨ ਜਿਨ੍ਹਾਂ ਦੇ ਪਿੱਛੇ ਛੋਟੇ ਬੱਚੇ ਅਤੇ ਨੌਜਵਾਨ ਵਿਧਵਾਵਾਂ ਰਹਿ ਗਈਆਂ ਹਨ, ਪਰ ਅਜੇ ਤੱਕ ਪ੍ਰਸ਼ਾਸਨ ਵਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ | ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਤਹਿ ਕੀਤੇ ਸਮੇਂ ਅੰਦਰ ਮੈਨੇਜਰ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਅਗਲੀ ਮੀਟਿੰਗ ਵਿਚ ਇਸ ਤੋਂ ਵੀ ਵੱਡਾ ਸੰਘਰਸ਼ ਐਲਾਨਿਆ ਜਾਵੇਗਾ ਅਤੇ ਪੂਰੇ ਪੰਜਾਬ ਵਿਚ ਇਸ ਨੂੰ ਹੋਰ ਤੀਬਰ ਕੀਤਾ ਜਾਵੇਗਾ |