ਫ਼ਰੀਦਕੋਟ, 30 ਮਾਰਚ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 11 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 5 ਹਵਾਲਾਤੀਆਂ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਮੇਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਅਚਾਨਕ ਤਲਾਸ਼ੀ ਲਈ ਗਈ ਤਾਂ ਦੌਰਾਨੇ ਤਲਾਸ਼ੀ 5 ਹਵਾਲਾਤੀਆਂ ਪਾਸੋਂ ਇਕ-ਇਕ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਇਸੇ ਤਰ੍ਹਾਂ ਹੀ ਗੁਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਵੀ ਪੁਲਿਸ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ ਅਨੁਸਾਰ ਜੇਲ੍ਹ ਦੀਆਂ ਬੈਰਕਾਂ 'ਚੋਂ 6 ਮੋਬਾਈਲ ਫ਼ੋਨ ਲਾਵਾਰਿਸ ਹਾਲਤ ਵਿਚ ਪਾਏ ਗਏ ਹਨ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਕੁਲਵੰਤ ਸਿੰਘ ਪੁੱਤਰ ਹਰਮੇਸ਼ ਸਿੰਘ, ਹਵਾਲਾਤੀ ਰਾਜਵੀਰ ਸਿੰਘ ਪੁੱਤਰ ਗੁਰਮੀਤ ਸਿੰਘ, ਹਵਾਲਾਤੀ ਜਰਨੈਲ ਸਿੰਘ ਪੁੱਤਰ ਗੁਰਦਿਆਲ ਸਿੰਘ, ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਰਾਜ ਸਿੰਘ, ਹਵਾਲਾਤੀ ਸੁਖਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਜਗਦੀਸ਼ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |