ਫ਼ਰੀਦਕੋਟ, 30 ਮਾਰਚ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਫ਼ਿਰੋਜ਼ਪੁਰ ਰੋਡ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਤਿੰਨ ਮੋਟਰਸਾਈਕਲ 'ਤੇ ਆ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਫ਼ਿਰੋਜ਼ਪੁਰ ਰੋਡ 'ਤੇ ਸੇਮ ਨਾਲੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੋਟਰਸਾਈਕਲ 'ਤੇ ਆ ਰਹੇ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 52 ਗ੍ਰਾਮ ਹੈਰੋਇਨ ਅਤੇ 8200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦਾ ਮੋਟਰਸਾਈਕਲ ਅਤੇ ਮੋਬਾਈਲ ਮੌਕੇ 'ਤੇ ਹੀ ਜਬਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਮਨੀ ਕੁਮਾਰ ਉਰਫ਼ ਹਾਥੀ ਪੁੱਤਰ ਹਰੀ ਕਿ੍ਸ਼ਨ, ਵਿੱਕੀ ਕੁਮਾਰ ਉਰਫ਼ ਵਿੱਕੀ ਚੇਲਾ ਪੁੱਤਰ ਗਨੇਸ਼ ਕੁਮਾਰ ਅਤੇ ਦਿਨੇਸ਼ ਕੁਮਾਰ ਉਰਫ਼ ਪੇਂਡੂ ਪੁੱਤਰ ਜਗਦੀਸ਼ ਕੁਮਾਰ ਵਾਸੀ ਫ਼ਰੀਦਕੋਟ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |