ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ 31 ਮਾਰਚ ਨੂੰ ਨੰਗਲ ਵਿਖੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਗੌਰਤਲਬ ਹੈ ਕਿ ਇਸੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦਾ ਨੰਗਲ ਵਿਖੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ਵਿਚ ਰੈਲੀ ਕਰਨ ਦਾ ਪ੍ਰੋਗਰਾਮ ਹੈ ਅਤੇ 1158 ਸਹਾਇਕ ਪ੍ਰੋਫ਼ੈਸਰਾਂ-ਲਾਇਬ੍ਰੇਰੀਅਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸੂਬਾ ਪੱਧਰੀ ਵਿਰੋਧ ਤੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਇਸੇ ਰੋਸ ਪ੍ਰਦਰਸ਼ਨ ਦੀ ਤਿਆਰੀ ਵਜੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੇ ਕਾਲਜ ਸਮੇਂ ਤੋਂ ਬਾਅਦ ਦੇਰ ਸ਼ਾਮ ਲੰਮੀ ਵਿਚਾਰ ਚਰਚਾ ਕੀਤੀ ਅਤੇ ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ 'ਚ ਵਿਦਿਆਰਥੀ ਅਤੇ ਭਰਾਤਰੀ ਜਥੇਬੰਦੀਆਂ ਸਮੇਤ ਸ਼ਾਮਿਲ ਹੋਣ ਦਾ ਅਹਿਦ ਲਿਆ | ਪੋ੍ਰਫ਼ੈਸਰਾਂ ਨੇ ਦੱਸਿਆ ਕਿ ਮੌਜੂਦਾ 'ਆਪ' ਸਰਕਾਰ ਨੇ ਅਦਾਲਤ ਵਿਚ ਯੋਗ ਪੈਰਵਾਈ ਨਹੀਂ ਕੀਤੀ ਅਤੇ ਨਾ ਹੀ ਦਰੁਸਤ ਢੰਗ ਨਾਲ ਰਿਵਿਊ ਪਟੀਸ਼ਨ ਦਾਇਰ ਕੀਤੀ, ਜਿਸ ਦੇ ਮਾੜੇ ਨਤੀਜੇ ਵਜੋਂ ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 25 ਸਾਲਾਂ ਬਾਅਦ ਨਿਕਲੀ ਭਰਤੀ ਰੱਦ ਕਰ ਦਿੱਤੀ, ਜਿਸ ਕਰਕੇ ਸਰਕਾਰੀ ਕਾਲਜਾਂ ਵਿਚ ਪੜ੍ਹਦੇ ਲੱਖਾਂ ਗ਼ਰੀਬ-ਲੋੜਵੰਦ ਵਿਦਿਆਰਥੀਆਂ ਸਮੇਤ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 1158 ਉਮੀਦਵਾਰਾਂ ਦੇ ਸਥਾਈ ਰੁਜ਼ਗਾਰ ਦਾ ਪ੍ਰਬੰਧ ਨਹੀਂ ਕਰਦੀ ਅਤੇ ਸਰਕਾਰੀ ਕਾਲਜਾਂ ਦੀ ਨਿੱਘਰਦੀ ਹਾਲਤ 'ਤੇ ਗੰਭੀਰ ਨਹੀਂ ਹੁੰਦੀ, ਤਾਂ ਆਉਂਦੇ ਦਿਨਾਂ ਵਿਚ ਪੰਜਾਬ ਭਰ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਦਾ ਤਿੱਖਾ ਵਿਰੋਧ ਜਾਰੀ ਰਹੇਗਾ | ਇਸ ਮੀਟਿੰਗ ਵਿਚ ਸਰਕਾਰੀ ਕਾਲਜ ਹੁਸਨਰ, ਸਰਕਾਰੀ ਕਾਲਜ ਦਾਨੇਵਾਲਾ ਤੋਂ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ |