ਭੂੰਦੜੀ, 23 ਜੂਨ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚਾਉਣ ਅਤੇ ਸੇਵਾ ਕੇਂਦਰਾਂ ਰਾਹੀਂ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਨਜ਼ਰ ਆ ਰਹੀ ਹੈ। ਇਲਾਕੇ ਦੇ ਸੇਵਾ ਕੇਂਦਰਾਂ ਵਿਚ ਪਿਛਲੇ ਚਾਰ ਦਿਨਾਂ ਤੋਂ ਸਰਵਰ ਅਤੇ ਸਾਈਟ ਦੀਆਂ ਤਕਨੀਕੀ ਖਾਮੀਆਂ ਕਾਰਨ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੇਵਾ ਕੇਂਦਰਾਂ ਵਿਚ ਸਵੇਰ ਤੋਂ ਹੀ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਖਾਸ ਕਰਕੇ ਅਨੁਸੂਚਿਤ ਜਾਤੀ (ਐਸ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ ਬਣਾਉਣ ਆਏ ਲੋਕ ਘੰਟਿਆਂ ਉਡੀਕ ਕਰਨ ਦੇ ਬਾਵਜੂਦ ਨਿਰਾਸ਼ ਹੋ ਕੇ ਵਾਪਸ ਪਰਤ ਰਹੇ ਹਨ। ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਸਬੰਧਿਤ ਸਾਈਟ ਅਤੇ ਸਰਵਰ ਢੰਗ ਨਾਲ ਕੰਮ ਨਹੀਂ ਕਰ ਰਹੇ। ਉਨ੍ਹਾਂ ਅਨੁਸਾਰ ਅੱਜ ਸਵੇਰੇ ਹੀ ਕਰੀਬ 40 ਟੋਕਨ ਜਾਰੀ ਹੋ ਚੁੱਕੇ ਸਨ, ਪਰ ਦੁਪਹਿਰ ਇਕ ਵਜੇ ਤੱਕ ਇਕ ਵੀ ਅਰਜ਼ੀ ਦਾ ਕੰਮ ਮੁਕੰਮਲ ਨਹੀਂ ਹੋ ਸਕਿਆ। ਸਰਵਰ ਵਾਰ-ਵਾਰ ਬੰਦ ਹੋਣ ਕਾਰਨ ਲੋਕਾਂ ਦੇ ਨਾਲ-ਨਾਲ ਕਰਮਚਾਰੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਵੱਖ-ਵੱਖ ਭਲਾਈ ਸਕੀਮਾਂ ਅਤੇ ਮਾਲੀ ਸਹਾਇਤਾ ਦੇ ਵੱਡੇ-ਵੱਡੇ ਐਲਾਨ ਕਰ ਰਹੀ ਹੈ, ਪਰ ਦੂਜੇ ਪਾਸੇ ਜੇਕਰ ਲੋੜੀਂਦੇ ਸਰਟੀਫਿਕੇਟ ਹੀ ਸਮੇਂ ਸਿਰ ਨਾ ਬਣ ਸਕਣ ਤਾਂ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿਚ ਦਿੱਕਤਾਂ ਆਉਂਦੀਆਂ ਹਨ। ਕਈ ਬਜ਼ੁਰਗ, ਔਰਤਾਂ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਆਏ ਲੋਕ ਤਪਦੀ ਗਰਮੀ ਵਿੱਚ ਘੰਟਿਆਂ ਉਡੀਕ ਕਰਨ ਲਈ ਮਜ਼ਬੂਰ ਹਨ। ਸੇਵਾ ਕੇਂਦਰ ਵਿਚ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਸਵੇਰੇ ਤੋਂ ਆਪਣੇ ਨੰਬਰ ਦੀ ਉਡੀਕ ਕਰ ਰਹੇ ਹਨ, ਪਰ ਸਰਵਰ ਦੀ ਸਮੱਸਿਆ ਕਾਰਨ ਕੰਮ ਅੱਗੇ ਨਹੀਂ ਵੱਧ ਰਿਹਾ। ਉਨ੍ਹਾਂ ਕਿਹਾ ਕਿ ਹਰ ਰੋਜ਼ ਆਉਣ-ਜਾਣ ਵਿਚ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਸੇਵਾ ਕੇਂਦਰਾਂ ਵਿਚ ਆ ਰਹੀਆਂ ਤਕਨੀਕੀ ਖਾਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ, ਸਰਵਰ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾਵੇ ਅਤੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਹੋਰ ਖੱਜ਼ਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਸੇਵਾ ਕੇਂਦਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਲੋਕ ਹੋ ਰਹੇ ਖੱਜਲ-ਖੁਆਰ 4 ਦਿਨਾਂ ਤੋਂ ਸਰਵਰ ਅਤੇ ਸਾਈਟ ਦੀ ਸਮੱਸਿਆ ਨਾਲ ਕੰਮ ਠੱਪ
ਅਜੀਤ ਡੈਸਕ
24-06-2026